ਖ਼ਬਰਿਸਤਾਨ ਨੈਟਵਰਕ: ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਚ Landslide ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕੋ ਪਰਿਵਾਰ ਦੇ ਸੱਤ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਪਤੀ-ਪਤਨੀ ਅਤੇ ਉਨ੍ਹਾਂ ਦੇ ਪੰਜ ਬੱਚੇ ਸ਼ਾਮਲ ਹਨ। ਮਲਬੇ ਚੋ ਕਈ ਹੋਰ ਲੋਕ ਦੱਬੇ ਹੋ ਸਕਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹੈ। ਦੱਸ ਦੇਈਏ ਕਿ ਭਾਰੀ ਬਾਰਿਸ਼ ਕਾਰਨ ਇਲਾਕੇ ਵਿੱਚ ਸਥਿਤੀ ਹੋਰ ਵੀ ਚਿੰਤਾਜਨਕ ਬਣੀ ਹੋਈ ਹੈ, ਜਿਸ ਕਾਰਨ ਬਚਾਅ ਕਾਰਜ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਜੰਮੂ ਦੇ ਰਾਮਬਨ 'ਚ ਫਟਿਆ ਬੱਦਲ
ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਵੀ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਬੱਦਲ ਫਟਣ ਕਾਰਨ ਆਏ ਹੜ੍ਹ ਵਿੱਚ ਕਈ ਘਰ ਦੱਬ ਗਏ ਹਨ। ਇਸ ਕੁਦਰਤੀ ਆਫ਼ਤ ਚ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। 4 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
ਭਾਰੀ ਬਾਰਿਸ਼ ਅਤੇ ਬੱਦਲ ਫਟਣ ਦੀ ਚੇਤਾਵਨੀ ਜਾਰੀ
ਸਥਾਨਕ ਪ੍ਰਸ਼ਾਸਨ ਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਬੱਦਲ ਫਟਣ ਨਾਲ ਕਈ ਛੋਟੇ-ਛੋਟੇ ਪੁਲ ਤੇ ਸੜਕਾਂ ਵੀ ਤਬਾਹ ਹੋ ਗਈਆਂ ਹਨ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਭਾਰੀ ਮੀਂਹ ਅਤੇ ਬੱਦਲ ਫਟਣ ਦੀ ਚੇਤਾਵਨੀ ਜਾਰੀ ਕਰ ਦਿੱਤੀ ਸੀ।