ਮੋਗਾ ਪੁਲਸ ਨੇ ਬੰਬੀਹਾ ਗੈਂਗ ਨਾਲ ਸਬੰਧਤ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਮੋਗਾ ਦੇ ਇੱਕ ਵਪਾਰੀ ਤੋਂ ਪੈਸੇ ਵਸੂਲਣ ਦੀ ਯੋਜਨਾ ਬਣਾ ਰਹੇ ਸਨ।
ਫੜੇ ਗਏ ਮੁਲਜ਼ਮ ਦੋ ਵੱਖ-ਵੱਖ ਗਰੁੱਪਾਂ ਨਾਲ ਸਬੰਧਤ
ਡੀਜੀਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੋ ਵੱਖ-ਵੱਖ ਗਰੁੱਪਾਂ ਨਾਲ ਜੁੜੇ ਹੋਏ ਹਨ। ਇਸ ਮਾਮਲੇ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਲੱਕੀ ਪਟਿਆਲਾ ਦੇ ਸਿੱਧੇ ਸੰਪਰਕ ਵਿੱਚ ਸੀ। ਜਦਕਿ ਦੂਜਾ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਮਨਪ੍ਰੀਤ ਉਰਫ ਮਨੀ ਭਿੰਡਰ ਨਾਲ ਜੁੜਿਆ ਹੋਇਆ ਹੈ। ਇਹ ਦੋਵੇਂ ਗੈਂਗ ਇੱਕ ਦੂਜੇ ਦੇ ਖਿਲਾਫ ਹਨ।
ਪੁਲਸ ਹੁਣ ਉਸ ਬਾਰੇ ਹਰ ਗੱਲ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਮੁਲਜ਼ਮ ਹਥਿਆਰ ਕਿੱਥੋਂ ਲੈ ਕੇ ਆਏ ਸਨ। ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਵਪਾਰੀ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ
ਪੁਲਸ ਥਾਣਾ ਸਿਟੀ ਨੇ ਇਸ ਮਾਮਲੇ ਵਿੱਚ ਅਸਲਾ ਐਕਟ ਸਮੇਤ ਕਈ ਧਾਰਾਵਾਂ ਜੋੜ ਦਿੱਤੀਆਂ ਹਨ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਦੋਸ਼ੀ ਅਰਸ਼ਦੀਪ ਸਿੰਘ ਉਰਫ ਅਰਸ਼ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਅਮਰੀਕਾ ਸਥਿਤ ਲੱਕੀ ਪਟਿਆਲ ਗੈਂਗ ਨਾਲ ਜੁੜਿਆ ਹੋਇਆ ਹੈ। ਉਸ ਕੋਲੋਂ ਇੱਕ ਪਿਸਤੌਲ 30 ਬੋਰ, 2 ਪਿਸਤੌਲ 32 ਬੋਰ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਮੁਲਜ਼ਮ ਲੱਕੀ ਪਟਿਆਲ ਦੇ ਸੰਪਰਕ ਵਿੱਚ ਸੀ ਅਤੇ ਮੋਗਾ ਇਲਾਕੇ ਵਿੱਚ ਇੱਕ ਵਪਾਰੀ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਸੀ। ਇਸ ਦਾ ਮਕਸਦ ਲੋਕਾਂ ਨੂੰ ਡਰਾਉਣਾ ਅਤੇ ਫਿਰੌਤੀ ਮੰਗਣਾ ਸੀ। ਪੁਲਸ ਨੇ ਦੱਸਿਆ ਕਿ ਉਸ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਬੀਤੇ ਦਿਨੀਂ ਜਲੰਧਰ 'ਚ 3 ਹਥਿਆਰਾਂ ਦੇ ਤਸਕਰ ਗ੍ਰਿਫਤਾਰ
ਦੱਸ ਦੇਈਏ ਕਿ ਬੀਤੇ ਕੱਲ੍ਹ ਯਾਨੀ 20 ਅਕਤੂਬਰ ਨੂੰ ਜਲੰਧਰ ਸੀਆਈਏ ਸਟਾਫ਼ ਨੇ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਤੋਂ 3 ਹਥਿਆਰ ਸਮੱਗਲਰਾਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਸੀ। ਪੁਲਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੇ 5 ਨਜਾਇਜ਼ ਪਿਸਤੌਲ ਅਤੇ 12 ਜਿੰਦਾ ਕਾਰਤੂਸ, 30 ਬੋਰ ਦਾ ਇੱਕ ਪਿਸਤੌਲ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਬੰਬੀਹਾ ਗਰੋਹ ਨਾਲ ਸਬੰਧਤ ਸਨ।