ਕੈਨੇਡਾ 'ਚ ਪੰਜਾਬੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 28 ਸਾਲਾ ਯੁਵਰਾਜ ਗੋਇਲ ਵਜੋਂ ਹੋਈ ਹੈ। ਯੁਵਰਾਜ ਲੁਧਿਆਣਾ ਦਾ ਰਹਿਣ ਵਾਲਾ ਸੀ। ਨੌਜਵਾਨ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਪਰਿਵਾਰ ਦਾ ਇਕਲੌਤਾ ਸੀ ਪੁੱਤਰ
ਯੁਵਰਾਜ ਕੈਨੇਡਾ ਦੇ ਸਰੀ 'ਚ ਰਹਿੰਦਾ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਅਜੇ ਤੱਕ ਉਸਦਾ ਵਿਆਹ ਨਹੀ ਹੋਇਆ ਸੀ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ 8 ਵਜੇ ਗੋਲੀ ਚਲਾਈ ਗਈ। ਜਿਸ ਤੋਂ ਬਾਅਦ ਕੱਲ੍ਹ ਸ਼ਾਮ ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਮਿਲੀ ਕਿ ਯੁਵਰਾਜ ਜਿਸ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ , ਉਥੇ ਹੀ ਕੁਝ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਪੁਲਸ ਨੇ 4 ਲੋਕਾਂ ਨੂੰ ਕੀਤਾ ਗ੍ਰਿਫਤਾਰ
ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿੱਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਵੀਰ ਬਸਰਾ, ਬਸਰਾ ਸਾਹਿਬ, ਹਰਕੀਰਤ, ਕੇਲੋਨ ਫਰੈਂਕੋਇਸ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਯੁਵਰਾਜ ਕੈਨੇਡਾ 'ਚ ਪ੍ਰਾਈਵੇਟ ਨੌਕਰੀ ਕਰਦਾ ਸੀ। ਕੁਝ ਸਮਾਂ ਪਹਿਲਾਂ ਹੀ ਉਸ ਦੀ ਕੈਨੇਡਾ ਵਿੱਚ PR ਮਿਲੀ ਸੀ।
ਮੌਤ ਦੀ ਖਬਰ ਮਿਲਦੇ ਹੀ ਪਰਿਵਾਰਕ ਮੈਂਬਰਾਂ 'ਚ ਮਾਤਮ ਛਾ ਗਿਆ। ਯੁਵਰਾਜ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ ਜਾਂ ਉਸ ਦੇ ਮਾਤਾ-ਪਿਤਾ ਕੈਨੇਡਾ ਜਾਣਗੇ। ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।