ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਸ਼ਨੀਵਾਰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਮਾਣਹਾਨੀ ਦੇ ਮਾਮਲੇ ਵਿੱਚ ਦਾਇਰ ਪਟੀਸ਼ਨ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲੜਾਈ ਜਾਰੀ ਰਹੇਗੀ। ਮੈਂ ਕਿਸੇ ਜੇਲ੍ਹ ਜਾਂ ਝੂਠੇ ਕੇਸ ਤੋਂ ਨਹੀਂ ਡਰਦਾ।
ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਪੰਜਾਬ ਪੁਲਿਸ
ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਵੀ ਸੰਜੇ ਸਿੰਘ ਨੂੰ ਮਾਣਹਾਨੀ ਦੇ ਇੱਕ ਕੇਸ ਵਿੱਚ ਪੰਜਾਬ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਸੀ। ਪੰਜਾਬ ਪੁਲਿਸ ਨੇ ਅਦਾਲਤ ਵਿੱਚ ਪ੍ਰੋਡਕਸ਼ਨ ਵਾਰੰਟ ਦਾਇਰ ਕੀਤਾ ਸੀ। ਨਾਲ ਹੀ, ਅਦਾਲਤ ਨੇ ਸੰਜੇ ਸਿੰਘ ਨੂੰ ਵਿਕਾਸ ਕਾਰਜਾਂ ਨਾਲ ਸਬੰਧਤ ਦੋ ਦਸਤਾਵੇਜ਼ਾਂ 'ਤੇ ਦਸਤਖਤ ਕਰਨ ਦੀ ਇਜਾਜ਼ਤ ਦਿੱਤੀ ਸੀ।
ਈਡੀ ਨੇ ਕੀਤਾ ਗ੍ਰਿਫਤਾਰ
ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹਨਾਂ ਨੂੰ 5 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਹਨਾਂ ਨੂੰ 10 ਅਕਤੂਬਰ ਤੱਕ ਰਿਮਾਂਡ 'ਤੇ ਭੇਜ ਦਿੱਤਾ ਗਿਆ।
10 ਅਕਤੂਬਰ ਨੂੰ ਸੰਜੇ ਸਿੰਘ ਦਾ ਰਿਮਾਂਡ 3 ਦਿਨ ਹੋਰ ਵਧਾ ਦਿੱਤਾ ਗਿਆ ਸੀ। ਫਿਰ 13 ਅਕਤੂਬਰ ਨੂੰ ਅਦਾਲਤ ਨੇ ਉਹਨਾਂ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਬਾਅਦ ਉਹਨਾਂ ਦੀ ਨਿਆਂਇਕ ਹਿਰਾਸਤ 10 ਨਵੰਬਰ ਤੱਕ ਵਧਾ ਦਿੱਤੀ ਗਈ ਸੀ।