ਪੁਲਸ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀ ਨੌ ਵਿੱਚ ਗੁਰਪ੍ਰੀਤ ਸਿੰਘ ਕਤਲ ਕੇਸ ਦੇ ਸਾਰੇ ਮੁਲਜ਼ਮਾਂ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੀ ਵਰਤੋਂ ਕੀਤੀ ਹੈ। ਦੋਸ਼ੀਆਂ ਵਿੱਚ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਅੱਤਵਾਦੀ ਅਰਸ਼ ਡੱਲਾ ਦੇ ਨਾਂ ਵੀ ਇਸ ਵਿਚ ਸ਼ਾਮਲ ਹਨ।
ਜਾਣੋ ਕੀ ਹੈ ਪੂਰਾ ਮਾਮਲਾ
ਗੁਰਪ੍ਰੀਤ ਸਿੰਘ ਹਰੀ ਨੌ ਦਾ ਪਿਛਲੇ ਸਾਲ 9 ਅਕਤੂਬਰ ਨੂੰ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਗੁਰਪ੍ਰੀਤ ਸਿੰਘ ਸਰਪੰਚ ਉਮੀਦਵਾਰ ਲਈ ਪ੍ਰਚਾਰ ਕਰਨ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ, ਜਦੋਂ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾ ਕੇ ਗੁਰਪ੍ਰੀਤ ਸਿੰਘ ਹਰੀ ਨੌ ਦਾ ਕਤਲ ਕਰ ਦਿੱਤਾ ਸੀ। ਇਸ ਗੋਲੀਬਾਰੀ ਵਿੱਚ ਗੁਰਪ੍ਰੀਤ ਸਿੰਘ ਨੂੰ ਚਾਰ ਗੋਲੀਆਂ ਲੱਗੀਆਂ। ਜਾਂਚ ਤੋਂ ਬਾਅਦ, ਪੁਲਸ ਨੇ ਇਸ ਮਾਮਲੇ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਅੱਤਵਾਦੀ ਅਰਸ਼ ਡੱਲਾ ਨੂੰ ਵੀ ਨਾਮਜ਼ਦ ਕੀਤਾ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪਹਿਲਾਂ ਹੀ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਇਸ ਦੇ ਨਾਲ ਹੀ ਹੁਣ ਇਸ ਮਾਮਲੇ ਵਿੱਚ ਯੂਏਪੀਏ ਦੀਆਂ ਧਾਰਾਵਾਂ ਲਾਗੂ ਹੋਣ ਕਾਰਨ ਉਸ ਲਈ ਕਾਨੂੰਨੀ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਪੰਜਾਬ ਪੁਲਸ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰਨ ਤੋਂ ਪਹਿਲਾਂ ਯੂਏਪੀਏ ਦੀਆਂ ਧਾਰਾਵਾਂ ਵੀ ਜੋੜੀਆਂ ਹਨ।