ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਜਲੰਧਰ ਵਿਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਾਣੀਆਂ ਦੇ ਮੁੱਦੇ ’ਤੇ ਗੰਭੀਰਤਾ ਦਿਖਾਉਂਦਿਆਂ ਇਸ ਮਾਮਲੇ ਸਬੰਧੀ ਆਗੂਆਂ ਨੂੰ ਸਵਾਲ ਪੁੱਛੇ। ਵਾਤਾਵਰਣ ਅਤੇ ਪਾਣੀ ਦੇ ਲਗਾਤਾਰ ਹੇਠਾਂ ਜਾ ਰਹੇ ਪੱਧਰ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਤਿੱਖੇ ਸਵਾਲ ਕੀਤੇ ਹਨ। ਸੰਤ ਸਮਾਜ ਨੇ ਸਿਆਸੀ ਪਾਰਟੀਆਂ ਨੂੰ ਸਵਾਲ ਕੀਤਾ ਹੈ ਕਿ ਸਾਡਾ ਰੰਗਲਾ ਪੰਜਾਬ ਕਿੱਥੇ ਹੈ?
ਵੋਟਾਂ ਮੰਗਣ ਆਏ ਉਮੀਦਵਾਰਾਂ ਨੂੰ ਸਵਾਲ ਜ਼ਰੂਰ ਪੁੱਛਣ
ਉਨ੍ਹਾਂ ਲੋਕਾਂ ਨੂੰ ਕਿਹਾ ਹੈ ਕਿ ਉਹ ਵੋਟਾਂ ਮੰਗਣ ਆਉਣ ਵਾਲੇ ਹਰ ਪਾਰਟੀ ਦੇ ਉਮੀਦਵਾਰਾਂ ਨੂੰ ਪਾਣੀ ਦੇ ਪੱਧਰ ਬਾਰੇ ਸਵਾਲ ਪੁੱਛਣ। ਪਿਛਲੇ ਸਾਲ ਖੇਤੀਬਾੜੀ ਵਿਭਾਗ ਵੱਲੋਂ ਵਾਤਾਵਰਣ ਸਬੰਧੀ ਜਾਰੀ ਕੀਤੀ ਗਈ ਰਿਪੋਰਟ ਵਿੱਚ 300 ਜ਼ਿਲ੍ਹੇ ਗਲੋਬਲ ਵਾਰਮਿੰਗ ਤੋਂ ਪ੍ਰਭਾਵਤ ਹੋਏ ਸਨ, ਜਿਨ੍ਹਾਂ ਵਿੱਚੋਂ 9 ਜ਼ਿਲ੍ਹੇ ਪੰਜਾਬ ਵਿੱਚ, 8 ਜ਼ਿਲ੍ਹੇ ਹਿਮਾਚਲ ਵਿੱਚ ਤੇ 11 ਜ਼ਿਲ੍ਹੇ ਹਰਿਆਣਾ ਵਿੱਚ ਸ਼ਾਮਲ ਹਨ।
ਜਲੰਧਰ ਕ੍ਰਿਟਿਕਲ ਜ਼ੋਨ ਵਿੱਚ
ਐਮ ਪੀ ਸੀਚੇਵਾਲ ਨੇ ਅੱਗੇ ਦੱਸਿਆ ਕਿ ਜਲੰਧਰ ਨੂੰ ਕ੍ਰਿਟਿਕਲ ਜ਼ੋਨ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਰਿਪੋਰਟ ਵਿੱਚ ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਵਿੱਚ ਪਾਣੀ ਦਾ ਪੱਧਰ ਕਾਫੀ ਹੇਠਾਂ ਜਾਣ ਦੀ ਸੰਭਾਵਨਾ ਹੈ। ਦਰਅਸਲ ਅੱਜ ਸਮੂਹ ਸੰਤ ਸਮਾਜ ਸੇਵੀ ਸੰਸਥਾਵਾਂ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਇੱਕ ਕਾਨਫਰੰਸ ਕੀਤੀ ਗਈ। ਜਿਸ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਹਾਜ਼ਰ ਸਨ।