ਖ਼ਬਰਿਸਤਾਨ ਨੈੱਟਵਰਕ- ਪਠਾਨਕੋਟ ਤੋਂ ਮਾਧੋਪੁਰ ਹੈੱਡਵਰਕਸ ਦੇ ਫਲੱਡ ਗੇਟ ਟੁੱਟਣ ਦੀ ਵੱਡੀ ਖਬਰ ਸਾਹਮਣੇ ਆਈ ਹੈ,ਜਿਸ ਕਾਰਨ ਡੈਮ ਦਾ ਪਾਣੀ ਸਿੱਧਾ ਰਾਵੀ ਦਰਿਆ ਵਿੱਚ ਜਾ ਰਿਹਾ ਹੈ। ਇਸ ਕਾਰਨ ਹੜ੍ਹਾ ਦਾ ਖ਼ਤਰਾ ਹੋਰ ਵੀ ਵੱਧ ਗਿਆ ਹੈ।
ਸਥਿਤੀ ਕਾਬੂ ਤੋਂ ਬਾਹਰ
ਲਗਾਤਾਰ ਮੀਂਹ ਕਾਰਨ ਪੰਜਾਬ ਵਿੱਚ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਡੁੱਬ ਗਏ ਹਨ। ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਗਈਆਂ ਹਨ। ਇਸ ਦੇ ਨਾਲ ਹੀ ਕਈ ਲੋਕਾਂ ਦੇ ਘਰ ਤਬਾਹ ਹੋ ਗਏ ਹਨ।
ਬਿਆਸ, ਸਤਲੁਜ ਅਤੇ ਰਾਵੀ ਉਫਾਨ ਉਤੇ
ਇਸ ਸਮੇਂ ਪੰਜਾਬ ਵਿੱਚ ਦਰਿਆ ਉਛਾਲੇ ਮਾਰ ਰਹੇ ਹਨ। ਬਿਆਸ, ਸਤਲੁਜ ਅਤੇ ਰਾਵੀ, ਤਿੰਨੋਂ ਦਰਿਆ ਭਿਆਨਕ ਰੂਪ ਧਾਰਨ ਕਰ ਚੁੱਕੇ ਹਨ। ਪੋਂਗ ਡੈਮ ਤੋਂ ਪਾਣੀ ਛੱਡਣ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਹੜ੍ਹ ਦਾ ਪਾਣੀ ਪੰਜਾਬ ਦੇ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ।
ਮੁੱਖ ਮੰਤਰੀ ਮਾਨ ਦੌਰਾ ਕਰਨ ਪਹੁੰਚੇ
ਮੁੱਖ ਮੰਤਰੀ ਮਾਨ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਹਰ ਸੰਭਵ ਯਤਨ ਕਰ ਰਹੀ ਹੈ। ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਬਚਾਅ ਕਾਰਜ ਤੇਜ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਪੰਜਾਬ ਸਰਕਾਰ ਨੇ ਹੜ੍ਹ ਪ੍ਰਬੰਧਨ ਲਈ ਬਣਾਈ ਕਮੇਟੀ
ਪੰਜਾਬ ਸਰਕਾਰ ਨੇ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਰਾਹੀਂ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਇਲਾਕਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹੜ੍ਹ ਪ੍ਰਬੰਧਨ ਕਮੇਟੀ ਵਿਚ ਕਪੂਰਥਲਾ ਦਾ ਏਰੀਆ ਮੋਹਿੰਦਰ ਭਗਤ ਤੇ ਹਰਦੀਪ ਸਿੰਘ ਮੁੰਡੀਆਂ ਦੇਖਣਗੇ। ਇਸੇ ਤਰ੍ਹਾਂ ਤਰਨਤਾਰਨ ਦਾ ਏਰੀਆ ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ETO ਦੇਖਣਗੇ।
ਉਥੇ ਹੀ ਫ਼ਾਜ਼ਿਲਕਾ ਲਈ ਡਾ.ਬਲਜੀਤ ਕੌਰ ਤੇ ਤਰੁਨਪ੍ਰੀਤ ਸਿੰਘ ਸੌਂਦ ਦੀ ਡਿਊਟੀ ਲਾਈ ਗਈ ਹੈ।
ਇਸ ਤੋਂ ਇਲਾਵਾ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਪੂਰੇ ਪੰਜਾਬ 'ਚ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਣਗੇ । ਜ਼ਿਕਰਯੋਗ ਹੈ ਕਿ ਜਲੰਧਰ ਵਿਚ ਪਹਿਲਾਂ ਤੋਂ ਹੀ ਕੰਟਰੋਲ ਰੂਮ ਸਥਾਪਤ ਕੀਤਾ ਜਾ ਚੁੱਕਾ ਹੈ।