ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਗਈ ਹੈ। ਈਡੀ ਨੇ ਰੌਜ਼ ਐਵੇਨਿਊ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਈਡੀ ਨੂੰ 8 ਮਈ ਤੱਕ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਈਡੀ 8 ਮਈ ਨੂੰ ਦੁਪਹਿਰ 12 ਵਜੇ ਤੱਕ ਆਪਣਾ ਜਵਾਬ ਦਾਖ਼ਲ ਕਰੇ।
ਦੱਸ ਦਈਏ ਕਿ ਮਨੀਸ਼ ਸਿਸੋਦੀਆ ਤੋਂ ਇਲਾਵਾ ਈਡੀ ਮਾਮਲੇ 'ਚ ਵਿਜੇ ਨਾਇਰ ਤੇ ਹੋਰ ਦੋਸ਼ੀਆਂ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਗਈ ਹੈ। ਦਰਅਸਲ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ ਫਰਵਰੀ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਈਡੀ ਨੇ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੰਨਾ ਹੀ ਨਹੀਂ ਇਸੇ ਮਾਮਲੇ 'ਚ ਸੰਜੇ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ, ਈਡੀ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਆਬਕਾਰੀ ਨੀਤੀ ਵਿੱਚ ਸੋਧ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ ਸਨ, ਲਾਇਸੈਂਸ ਧਾਰਕਾਂ ਨੂੰ ਗੈਰ-ਕਾਨੂੰਨੀ ਲਾਭ ਦਿੱਤੇ ਗਏ ਸਨ, ਲਾਇਸੈਂਸ ਫੀਸਾਂ ਨੂੰ ਮੁਆਫ ਜਾਂ ਘਟਾਇਆ ਗਿਆ ਸੀ ਤੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨਾਂ ਲਾਇਸੈਂਸ ਦਿੱਤੇ ਗਏ ਸਨ। ਈਡੀ ਤੋਂ ਇਲਾਵਾ ਮਨੀਸ਼ ਸਿਸੋਦੀਆ ਨੂੰ ਵੀ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਹੈ।