ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਆ ਗਏ ਹਨ। ਜਿਨ੍ਹਾਂ ਵਿੱਚੋਂ 3 ਆਮ ਆਦਮੀ ਪਾਰਟੀ ਅਤੇ 1 ਕਾਂਗਰਸ ਨੇ ਜਿੱਤੀ ਹੈ। ਜਦੋਂਕਿ ਗਿੱਦੜਬਾਹਾ ਵਿੱਚ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਡੀ ਜਿੱਤ ਹਾਸਲ ਕੀਤੀ। ਦੂਜੇ ਨੰਬਰ 'ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਰਹੀ ਜਦੋਂ ਕਿ ਭਾਜਪਾ ਤੋਂ ਮਨਪ੍ਰੀਤ ਬਾਦਲ ਦੀ ਹਾਲਤ ਬਹੁਤ ਖਰਾਬ ਸੀ। ਇੱਥੋਂ ਤੱਕ ਕਿ ਉਨ੍ਹਾਂ ਦੀ ਜ਼ਮਾਨਤ ਵੀ ਜ਼ਬਤ ਹੋ ਚੁੱਕੀ ਹੈ।
ਗਿੱਦੜਬਾਹਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ
ਦੱਸ ਦੇਈਏ ਕਿ ਮਨਪ੍ਰੀਤ ਬਾਦਲ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿੰਦੇ ਹੋਏ ਚਾਰ ਵਾਰ ਗਿੱਦੜਬਾਹਾ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ 1995 ਤੋਂ 2010 ਤੱਕ ਗਿੱਦੜਬਾਹਾ ਤੋਂ ਵਿਧਾਇਕ ਰਹੇ। 2010 ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਪੀਪਲਜ਼ ਪਾਰਟੀ ਆਫ਼ ਪੰਜਾਬ ਦਾ ਗਠਨ ਕੀਤਾ। ਇਸ ਤੋਂ ਬਾਅਦ ਉਹ 2016 'ਚ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ ਅਤੇ 2017 'ਚ ਦੂਜੀ ਵਾਰ ਕਾਂਗਰਸ ਸਰਕਾਰ 'ਚ ਉਨ੍ਹਾਂ ਨੂੰ ਵਿੱਤ ਮੰਤਰੀ ਬਣਾਇਆ ਗਿਆ। ਉਹ 2017 ਤੋਂ 2022 ਤੱਕ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਰਹੇ।
2023 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ
ਬਾਦਲ 2023 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਉਨ੍ਹਾਂ ਨੂੰ ਗਿੱਦੜਬਾਹਾ ਸੀਟ ਤੋਂ ਟਿਕਟ ਦੇ ਕੇ ਵਿਧਾਨ ਸਭਾ ਉਪ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ, ਜਿਸ ਵਿੱਚ ਉਹ ਬੁਰੀ ਤਰ੍ਹਾਂ ਹਾਰ ਗਏ।
ਇੰਨੀਆਂ ਵੋਟਾਂ ਮਿਲੀਆਂ
'ਆਪ' ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 71198 ਵੋਟਾਂ ਮਿਲੀਆਂ। ਜਦੋਂ ਕਿ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ 49397 ਵੋਟਾਂ ਮਿਲੀਆਂ। ਮਨਪ੍ਰੀਤ ਸਿੰਘ ਬਾਦਲ ਨੂੰ ਸਿਰਫ਼ 12174 ਵੋਟਾਂ ਮਿਲੀਆਂ ਹਨ।
ਦੋ ਵਾਰ ਵਿੱਤ ਮੰਤਰੀ ਰਹਿ ਚੁੱਕੇ ਹਨ
ਤੁਹਾਨੂੰ ਦੱਸ ਦੇਈਏ ਕਿ 62 ਸਾਲਾ ਮਨਪ੍ਰੀਤ ਸਿੰਘ ਬਾਦਲ 5 ਵਾਰ (1995, 1997, 2002, 2007, 2017) ਪੰਜਾਬ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਹਨ ਅਤੇ ਦੋ ਵਾਰ ਵਿੱਤ ਮੰਤਰੀ ਰਹਿ ਚੁੱਕੇ ਹਨ। ਵਿੱਤ ਮੰਤਰੀ ਵਜੋਂ ਉਨ੍ਹਾਂ ਦਾ ਪਹਿਲਾ ਕਾਰਜਕਾਲ 2007 ਤੋਂ 2010 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਸੀ। ਗਿੱਦੜਬਾਹਾ ਤੋਂ 4 ਵਾਰ ਵਿਧਾਇਕ ਰਹਿਣ ਦੇ ਬਾਵਜੂਦ ਉਨ੍ਹਾਂ ਦੀ ਹਾਰ ਦਾ ਕਾਰਨ ਉਨ੍ਹਾਂ ਦਾ ਵਾਰ-ਵਾਰ ਪਾਰਟੀਆਂ ਬਦਲਣਾ ਵੀ ਮੰਨਿਆ ਜਾ ਜਾ ਰਿਹਾ ਹੈ।