ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਇੱਕ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਦੀ ਇਲਾਜ ਦੌਰਾਨ ਮੌਤ ਹੋ ਗਈ।
ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
ਜਾਣਕਾਰੀ ਅਨੁਸਾਰ ਪਿੰਡ ਦੇ ਕੁਝ ਬੱਚੇ ਅਤੇ ਹੋਰ ਲੋਕ ਟੂਰਨਾਮੈਂਟ ਦੇਖਣ ਗਏ ਹੋਏ ਸਨ, ਜਿੱਥੇ ਇੱਕ ਨਾਬਾਲਗ ਲੜਕੇ ਗੁਰਸੇਵਕ ਸਿੰਘ (14 ਸਾਲ) ਪੁੱਤਰ ਦਲਬੀਰ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮਾਸੂਮ ਤਿੰਨ ਭੈਣਾਂ ਵਿੱਚੋਂ ਇਕਲੌਤਾ ਭਰਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਿੱਠ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਜਾਂਚ 'ਚ ਜੁਟੀ ਪੁਲਿਸ
ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਜਾ ਰਹੇ ਸਨ। ਪਰ ਫਿਰ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਨਾਲ ਪੂਰੇ ਸਮਾਗਮ ਵਿੱਚ ਹਫੜਾ-ਦਫੜੀ ਮਚ ਗਈ। ਪੁੱਤਰ ਦੀ ਮੌਤ ਤੋਂ ਬਾਅਦ, ਮਾਤਾ-ਪਿਤਾ ਅਤੇ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਹੈ| ਲੋਕ ਕਹਿੰਦੇ ਹਨ ਕਿ ਗੁਰਸੇਵਕ ਪੜ੍ਹਾਈ ਵਿੱਚ ਬਹੁਤ ਵਧੀਆ ਸੀ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।