ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਜਲੰਧਰ ਵਿੱਚ 5 ਹਜ਼ਾਰ ਤੋਂ ਵੱਧ ਪੰਚਾਂ ਨੂੰ ਪੰਚਾਇਤੀ ਅਹੁਦੇ ਦੀ ਸਹੁੰ ਚੁਕਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ 5443 ਪੰਚਾਂ ਨੇ ਸਹੁੰ ਚੁੱਕੀ ਹੈ, ਪੰਜਾਬ ਸਰਕਾਰ ਵੱਲੋਂ ਜਲਦੀ ਹੀ ਪਿੰਡਾਂ ਨੂੰ ਗਰਾਂਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਪਿੰਡਾਂ ਦਾ ਵਿਕਾਸ ਹੋ ਸਕੇ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਮਾਨ ਸਰਕਾਰ ਜਲਦ ਹੀ ਪਿੰਡਾਂ ਨੂੰ ਗ੍ਰਾਂਟਾਂ ਦੇਵੇਗੀ
ਮਹਿੰਦਰ ਭਗਤ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਚ ਅਤੇ ਸਰਪੰਚ ਦੀਆਂ ਚੋਣਾਂ ਹੋਈਆਂ ਸਨ। ਜਿਸ ਵਿੱਚ ਸਭ ਤੋਂ ਵੱਧ ਸਰਪੰਚ ਸਰਬਸੰਮਤੀ ਨਾਲ ਚੁਣੇ ਗਏ। ਅੱਜ 5 ਹਜ਼ਾਰ ਤੋਂ ਵੱਧ ਪੰਚਾਂ ਨੂੰ ਸਹੁੰ ਚੁਕਾਈ ਗਈ, ਜਿਸ ਦੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਨੂੰ ਸੌਂਪੀ ਹੈ। ਸਰਪੰਚ ਪਿੰਡ ਦਾ ਸੇਵਾਦਾਰ ਹੁੰਦਾ ਹੈ, ਇਸ ਲਈ ਸਾਰੇ ਪੰਚਾਂ ਨੂੰ ਉਸ ਦੇ ਸਾਥੀ ਬਣ ਕੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ। ਮਾਨ ਸਰਕਾਰ ਜਲਦ ਹੀ ਪਿੰਡਾਂ ਲਈ ਗ੍ਰਾਂਟਾਂ ਜਾਰੀ ਕਰੇਗੀ।
ਪਿੰਡਾਂ ਦੇ ਵੱਡੇ ਪ੍ਰੋਜੈਕਟ ਪੂਰੇ ਕੀਤੇ ਜਾਣਗੇ
ਦਿਆਲਪੁਰ ਦੇ ਸਰਪੰਚ ਦਾ ਕਹਿਣਾ ਹੈ ਕਿ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਅਸੀਂ ਆਪਣੇ ਪਿੰਡ ਵਿੱਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਹੈ। ਹੁਣ ਆਉਣ ਵਾਲੇ 5 ਸਾਲਾਂ ਵਿੱਚ ਪਿੰਡ ਦਾ ਵਿਕਾਸ ਹੋਵੇਗਾ ਅਤੇ ਵਾਟਰ ਟਰੀਟਮੈਂਟ ਪਲਾਂਟ, ਸਟੇਡੀਅਮ, ਮੁਹੱਲਾ ਕਲੀਨਿਕ ਵਰਗੇ ਵੱਡੇ ਪ੍ਰੋਜੈਕਟ ਪੂਰੇ ਕੀਤੇ ਜਾਣਗੇ।