ਕੈਨੇਡਾ ਤੋਂ ਇੱਕ ਹਫ਼ਤਾ ਪਹਿਲਾਂ ਪੰਜਾਬ ਹੁਸ਼ਿਆਰਪੁਰ ਆਏ ਮਾਂ-ਪੁੱਤ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ।
ਐਕਟਿਵਾ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਐਕਟਿਵਾ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਲਾ ਰਿਹਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।ਮ੍ਰਿਤਕਾਂ ਦੀ ਪਛਾਣ ਰੁਨੀਸ਼ ਰੰਧਾਵਾ ਅਤੇ ਮਾਂ ਨਿਸ਼ਾ ਰੰਧਾਵਾ ਵਜੋਂ ਹੋਈ ਹੈ। ਪੈਟਰੋਲ ਪੰਪ 'ਤੇ ਕੰਮ ਕਰਦੇ ਲੜਕਿਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਫੀ ਦੇਰ ਤੱਕ ਐਂਬੂਲੈਂਸ ਮੌਕੇ 'ਤੇ ਨਹੀਂ ਪਹੁੰਚੀ ਅਤੇ ਜੇਕਰ ਐਂਬੂਲੈਂਸ ਮੌਕੇ 'ਤੇ ਪਹੁੰਚ ਜਾਂਦੀ ਤਾਂ ਕਿਸੇ ਦੀ ਜਾਨ ਬਚਾਈ ਜਾ ਸਕਦੀ ਸੀ।
ਕਾਫੀ ਦੇਰ ਬਾਅਦ ਜਦੋਂ ਮਾਂ-ਪੁੱਤ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਮਾਂ-ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਜ਼ਖਮੀ ਲੜਕੇ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ, ਜਿਸ ਨੂੰ ਇਲਾਜ ਲਈ ਪੀ.ਜੀ.ਆਈ. ਰੈਫਰ ਕੀਤਾ ਹੈ। ਥਾਣਾ ਸਦਰ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।