ਪੰਜਾਬ ਦੀਆਂ ਜੇਲ੍ਹਾਂ ਵਿੱਚ ਚੱਲ ਰਹੇ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਵੱਡਾ ਫੈਸਲਾ ਲਿਆ ਹੈ। NCB ਨੇ ਕਿਹਾ ਕਿ ਹੁਣ ਫੜੇ ਗਏ ਨਸ਼ਾ ਤਸਕਰਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਹੀਂ ਰੱਖਿਆ ਜਾਵੇਗਾ। ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਹੋਰ ਰਾਜਾਂ ਦੀਆਂ ਜੇਲ੍ਹਾਂ ਵਿੱਚ ਸ਼ਿਫਟ ਕੀਤਾ ਜਾਵੇਗਾ।
ਪੰਜਾਬ ਦੀਆਂ ਜੇਲ੍ਹਾਂ 'ਚ ਨੈੱਟਵਰਕ ਤੋੜਨ ਦੀ ਕੋਸ਼ਿਸ਼
NCB ਦਾ ਕਹਿਣਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਨਸ਼ਿਆਂ ਦਾ ਗਠਜੋੜ ਵੱਡੇ ਪੱਧਰ ’ਤੇ ਚੱਲ ਰਿਹਾ ਹੈ। ਕਿਉਂਕਿ ਕਈ ਵੱਡੇ ਨਸ਼ਾ ਤਸਕਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਪਾਕਿਸਤਾਨ ਤੋਂ ਡਰੋਨਾਂ ਦੀ ਮਦਦ ਨਾਲ ਇਨ੍ਹਾਂ ਨੂੰ ਸਪਲਾਈ ਕੀਤੀ ਜਾਂਦੀ ਹੈ। ਜਿਸ ਕਾਰਨ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਨਸ਼ੇ ਦੀ ਤਸਕਰੀ ਜਾਰੀ ਹੈ।
ਨਸ਼ਾ ਤਸਕਰ ਬਿੱਲਾ ਹਵੇਲੀਆ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ
NCB ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਕਰ ਅੱਜ ਪਹਿਲੇ ਨਸ਼ਾ ਤਸਕਰ ਬਿੱਲਾ ਹਵੇਲੀਆ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ। ਉਸ ਨੂੰ ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰ ਬਿੱਲਾ ਹਵੇਲੀਆ ਖਿਲਾਫ NDPS ਐਕਟ ਦੇ 10 ਤੋਂ ਵੱਧ ਮਾਮਲੇ ਦਰਜ ਹਨ। ਬਿੱਲਾ ਹਵੇਲੀਆ ਪਾਕਿਸਤਾਨ ਦੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।