ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰ ਰਹੀਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੀ ਚਿੰਤਾ ਪ੍ਰਗਟਾਈ ਹੈ। NHAI ਅਧਿਕਾਰੀਆਂ ਨੇ ਅੰਮ੍ਰਿਤਸਰ ਤੋਂ ਮਹਿਤਾ, ਸ਼੍ਰੀ ਹਰਗੋਬਿੰਦਪੁਰ, ਟਾਂਡਾ ਤੇ ਹੁਸ਼ਿਆਰਪੁਰ ਨਾਲ ਜੋੜਨ ਵਾਲੀ ਸੜਕ ਦੇ ਨਿਰਮਾਣ ਦੇ ਕੰਮ ਵਾਲੀ ਥਾਂ 'ਤੇ 27 ਨਵੰਬਰ, 2024 ਨੂੰ ਕਰਮਚਾਰੀ 'ਤੇ ਹਮਲਾ ਕੀਤਾ ਸੀ। ਜਿਸ ਵਿੱਚ ਉਸ ਦੇ ਗੰਭੀਰ ਸੱਟਾਂ ਲੱਗੀਆਂ। ਇਸ ਸਬੰਧੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਠੇਕੇਦਾਰਾਂ ਅਤੇ ਮਜ਼ਦੂਰਾਂ ਵਿੱਚ ਡਰ ਦਾ ਮਾਹੌਲ
ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਤਲਵਾਰਾਂ, ਡੰਡਿਆਂ ਅਤੇ ਹੋਰ ਹਥਿਆਰਾਂ ਨਾਲ ਲੈਸ ਸਨ ਅਤੇ ਵਰਕਰਾਂ 'ਤੇ ਹਮਲਾ ਕੀਤਾ। NHAI ਅਧਿਕਾਰੀਆਂ ਨੇ ਇਸ ਘਟਨਾ ਦੀਆਂ ਫੋਟੋਆਂ ਪੁਲਿਸ ਨੂੰ ਸੌਂਪ ਦਿੱਤੀਆਂ ਹਨ। ਜ਼ਖ਼ਮੀ ਮਜ਼ਦੂਰਾਂ ਨੂੰ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਠੇਕੇਦਾਰਾਂ ਅਤੇ ਮਜ਼ਦੂਰਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਪ੍ਰਸ਼ਾਸਨ 'ਤੇ ਲਾਪ੍ਰਵਾਹੀ ਦਾ ਦੋਸ਼
NHAI ਨੇ ਇਸ ਮਾਮਲੇ ਸਬੰਧੀ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਐਸਐਸਪੀ ਨੂੰ ਵੀ ਸੂਚਿਤ ਕੀਤਾ ਹੈ। ਇਸ ਦੇ ਬਾਵਜੂਦ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਰਾਸ਼ਟਰੀ ਵਿਕਾਸ ਪ੍ਰੋਜੈਕਟ ਦੇ ਕੰਮ 'ਚ ਮੁਸ਼ਕਿਲਾਂ ਪੈਦਾ ਹੋ ਰਹੀਆਂ ਹਨ।
ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ
NHAI ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਹਨਾਂ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਅਤੇ ਪ੍ਰੋਜੈਕਟ ਵਾਲੀ ਥਾਂ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇ। ਅਥਾਰਟੀ ਨੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਕਰਮਚਾਰੀਆਂ ਦਾ ਮਨੋਬਲ ਢਾਹ ਦਿੰਦੀਆਂ ਹਨ ਸਗੋਂ ਰਾਸ਼ਟਰੀ ਪੱਧਰ ਦੇ ਪ੍ਰੋਜੈਕਟਾਂ ਨੂੰ ਵੀ ਵਿਗਾੜਦੀਆਂ ਹਨ।