ਚੰਡੀਗੜ੍ਹ ਦੇ ਸੈਕਟਰ 5 ਵਿੱਚ ਇੱਕ ਵਪਾਰੀ ਦੇ ਘਰ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਜਾਂਚ ਏਜੰਸੀ ਐਨਆਈਏ ਨੇ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਅਦਾਲਤ ਤੋਂ ਵਾਰੰਟ ਦੀ ਮੰਗ ਕੀਤੀ ਗਈ ਹੈ ਤਾਂ ਜੋ ਗੋਲਡੀ ਬਰਾੜ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 5 ਜੁਲਾਈ ਨੂੰ ਹੋਵੇਗੀ।
19 ਜਨਵਰੀ ਨੂੰ ਕੀਤੀ ਗਈ ਫਾਇਰਿੰਗ
19 ਜਨਵਰੀ ਨੂੰ ਚੰਡੀਗੜ੍ਹ ਦੇ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਗੋਲੀਬਾਰੀ ਤੋਂ ਬਾਅਦ ਹਮਲਾਵਰਾਂ ਨੇ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ ਸੀ। ਪੁਲਸ ਨੇ ਕਾਰਵਾਈ ਕਰਦੇ ਹੋਏ ਮਾਮਲੇ ਦੇ ਸਾਰੇ 8 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
SIT ਤੋਂ ਬਾਅਦ NIA ਨੂੰ ਸੌਂਪਿਆ ਮਾਮਲਾ
ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਗਈ। ਪਰ ਬਾਅਦ 'ਚ ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਇਹ ਮਾਮਲਾ NIA ਨੂੰ ਸੌਂਪ ਦਿੱਤਾ ਗਿਆ। ਜਾਂਚ ਦੌਰਾਨ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਇਆ ਅਤੇ ਉਸ ਦੇ ਇਸ਼ਾਰੇ 'ਤੇ ਹੀ ਗੋਲੀਆਂ ਚਲਾਈਆਂ ਗਈਆਂ।