ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਦੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਨਰਿੰਦਰ ਕੁਮਾਰ ਸ਼ਰਮਾ ਨੇ ਪਾਰਟੀ ਛੱਡਣ ਦਾ ਫੈਸਲਾ ਕਰ ਲਿਆ ਹੈ। ਐਨ.ਕੇ. ਸ਼ਰਮਾ ਨੂੰ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਆਗੂਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਦੇ ਕੇ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ।
ਸੁਖਬੀਰ ਬਾਦਲ ਦੇ ਅਸਤੀਫੇ ਕਾਰਨ ਪਾਰਟੀ ਛੱਡੀ
ਐਨ ਕੇ ਸ਼ਰਮਾ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਕਾਰਨ ਉਨ੍ਹਾਂ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਹੁਣ ਮੇਰੀ ਇਸ ਪਾਰਟੀ ਵਿੱਚ ਰਹਿਣ ਦੀ ਕੋਈ ਇੱਛਾ ਨਹੀਂ ਹੈ। ਜੇਕਰ ਸੁਖਬੀਰ ਬਾਦਲ ਪਾਰਟੀ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਿੱਚ ਜ਼ਰੂਰ ਸ਼ਾਮਲ ਹੋਣਗੇ।
ਬੀਤੇ ਦਿਨੀਂ ਸੁਖਬੀਰ ਬਾਦਲ ਨੇ ਦਿੱਤਾ ਸੀ ਅਸਤੀਫਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਅਹੁਦੇ ਤੋਂ ਬੀਤੇ ਦਿਨੀਂ ਅਸਤੀਫਾ ਦੇ ਦਿੱਤਾ ਸੀ। ਸੁਖਬੀਰ ਬਾਦਲ ਨੇ ਆਪਣਾ ਅਸਤੀਫਾ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਕਿਉਂਕਿ ਅਕਾਲੀ ਦਲ ਦਾ ਬਾਗੀ ਧੜਾ ਲਗਾਤਾਰ ਸੁਖਬੀਰ ਦੇ ਅਸਤੀਫੇ ਦੀ ਮੰਗ ਕਰ ਰਿਹਾ ਸੀ।
ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਹੋਇਐ
ਸ੍ਰੀ ਅਕਾਲ ਤਖ਼ਤ ਸਾਹਿਬ ਨੇ 30 ਅਗਸਤ 2024 ਨੂੰ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। ਸੁਖਬੀਰ ਬਾਦਲ ਦੇ ਵਿਰੋਧੀ ਧੜੇ ਦੇ ਆਗੂਆਂ ਨੇ 2007 ਤੋਂ 2017 ਦਰਮਿਆਨ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਲਏ ਗਏ ਕੁਝ ਧਾਰਮਿਕ ਫੈਸਲਿਆਂ 'ਤੇ ਸਵਾਲ ਉਠਾਏ ਸਨ। ਫਿਲਹਾਲ ਸੁਖਬੀਰ ਬਾਦਲ ਦੀ ਸਜ਼ਾ ਉਤੇ ਫੈਸਲਾ ਹੋਵੇਗਾ।
ਤਨਖਾਹੀਆ ਕਦੋਂ ਘੋਸ਼ਿਤ ਕੀਤਾ ਜਾਂਦਾ ਹੈ?
ਸਿੱਖ ਸੰਪਰਦਾਵਾਂ ਅਨੁਸਾਰ ਜੇਕਰ ਕੋਈ ਸਿੱਖ ਧਾਰਮਿਕ ਤੌਰ 'ਤੇ ਕੋਈ ਗਲਤ ਕੰਮ ਕਰਦਾ ਹੈ ਤਾਂ ਉਸ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਇਹ ਫੈਸਲਾ ਸਿੱਖਾਂ ਦੇ ਸਰਵਉੱਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਿਆ ਜਾਂਦਾ ਹੈ। ਇਸ ਤੋਂ ਬਾਅਦ ਸਬੰਧਤ ਵਿਅਕਤੀ ਸਿੱਖ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੀ ਗਲਤੀ ਦੀ ਮੁਆਫੀ ਮੰਗ ਸਕਦਾ ਹੈ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਉਸ ਦੇ ਜੁਰਮ ਦੀ ਸਮੀਖਿਆ ਕੀਤੀ ਜਾਂਦੀ ਹੈ। ਫਿਰ ਉਸ ਅਨੁਸਾਰ ਸਜ਼ਾ ਦਾ ਫੈਸਲਾ ਕੀਤਾ ਜਾਂਦਾ ਹੈ।
ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ
1. ਡੇਰਾ ਸੱਚਾ ਸੌਦਾ ਖਿਲਾਫ ਸ਼ਿਕਾਇਤ ਵਾਪਸ ਲੈ ਲਈ ਗਈ
2. ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਮੁਆਫੀ ਦਿਵਾਈ ਸੀ
3. ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ ਗਈ
4. ਝੂਠੇ ਕੇਸਾਂ ਵਿੱਚ ਮਾਰੇ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕੇ