ਪੰਜਾਬ ਸਰਕਾਰ ਨੇ ਹੁਣ ਪੰਜਾਬ ਦੀਆਂ ਹਰ ਤਰ੍ਹਾਂ ਦੀਆਂ ਰਜਿਸਟਰੀਆਂ 'ਤੇ NOC ਦੀ ਸ਼ਰਤ ਖਤਮ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ। ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ 'ਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ 'ਤੇ NOC ਖਤਮ ਕੀਤੀ ਜਾ ਰਹੀ ਹੈ। ਹੋਰ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ।
ਘਰ ਬੈਠੇ ਹੀ ਰਜਿਸਟਰੀਆਂ ਕਰਵਾ ਸਕਣਗੇ ਲੋਕ
ਪੰਜਾਬ 'ਚ ਲੋਕ ਹੁਣ ਘਰ ਬੈਠੇ ਹੀ ਰਜਿਸਟਰੀਆਂ ਕਰਵਾ ਸਕਣਗੇ ਤੇ ਇਸ ਸਬੰਧੀ ਹਰ ਜ਼ਿਲ੍ਹੇ ਦੇ ਡੀ ਸੀ ਨੂੰ ਇਸ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ਿਲ੍ਹੇ ਅਧੀਨ ਪੈਂਦੇ ਪਿੰਡਾਂ ਨੂੰ ਪੰਜ ਤੋਂ 10 ਪਿੰਡਾਂ ਦੇ ਗਰੁੱਪਾਂ ਵਿੱਚ ਵੰਡਿਆ ਜਾਵੇਗਾ। ਫਿਰ ਤਹਿਸੀਲਦਾਰ ਪਿੰਡਾਂ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰੇਗਾ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਡੀ ਸੀ ਦਫ਼ਤਰ ਜਾਂ ਤਹਿਸੀਲ ਵਿੱਚ ਨਹੀਂ ਜਾਣਾ ਪਵੇਗਾ।
ਇਹ ਹੁਕਮ ਪਿਛਲੇ ਹਫ਼ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਵਿਖੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੇ। ਇਸ ਵਿੱਚ ਮੁੱਖ ਮੰਤਰੀ ਨੇ ਜ਼ਿਲ੍ਹਾ ਪੱਧਰੀ ਵਿਕਾਸ ਕਾਰਜਾਂ ਦੀ ਰਿਪੋਰਟ ਤਲਬ ਕੀਤੀ। ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਵਿੱਚ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ 43 ਸਿਵਲ ਸੇਵਾਵਾਂ ਨੂੰ ਲੋਕਾਂ ਦੇ ਬੂਹੇ ਤੱਕ ਪਹੁੰਚਾਉਣ ਵਿੱਚ ਸਫਲ ਰਹੀ ਹੈ।
ਪਿਛਲੇ ਸਾਲ NOC ਦਾ ਸਮਾਂ 15 ਦਿਨ ਸੀ
ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਖਤ ਦੌਰਾਨ ਝਗੜਿਆਂ ਅਤੇ ਮੁਕੱਦਮਿਆਂ ਤੋਂ ਬਚਾਉਣ ਲਈ 15 ਦਿਨਾਂ ਦੇ ਅੰਦਰ ਐਨਓਸੀ ਦੇਣ ਦਾ ਐਲਾਨ ਕੀਤਾ ਸੀ। ਪਹਿਲਾਂ ਇਹ ਪ੍ਰਕਿਰਿਆ 21 ਦਿਨਾਂ ਵਿੱਚ ਪੂਰੀ ਹੁੰਦੀ ਸੀ। ਇਹ ਫੈਸਲਾ ਵੀਰਵਾਰ ਨੂੰ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਿਚਕਾਰ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਹਰਪਾਲ ਸਿੰਘ ਚੀਮਾ ਦੇ ਸੁਝਾਅ 'ਤੇ ਇਹ ਵੀ ਫੈਸਲਾ ਕੀਤਾ ਗਿਆ ਕਿ ਐਨ.ਆਰ.ਆਈਜ਼ ਅਤੇ ਹੋਰ ਅਜਿਹੇ ਵਿਅਕਤੀਆਂ ਦੀ ਸਹੂਲਤ ਲਈ ਤਤਕਾਲ ਸੁਵਿਧਾ ਅਧੀਨ ਐਨ.ਓ.ਸੀ. ਦੀ ਪ੍ਰਕਿਰਿਆ ਦਾ ਸਮਾਂ 5 ਦਿਨ ਹੋਵੇਗਾ, ਜਿਨ੍ਹਾਂ ਕੋਲ ਸਮੇਂ ਦੀ ਕਮੀ ਹੈ। ਵਿੱਤ ਮੰਤਰੀ ਨੇ ਕਿਹਾ ਸੀ ਕਿ ਇਸ ਸਹੂਲਤ ਤਹਿਤ ਐਨਆਰਆਈ ਜਾਂ ਉਹ ਲੋਕ ਜੋ ਜਲਦੀ ਹੀ ਇਸ ਸਹੂਲਤ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਮਾਮੂਲੀ ਵਾਧੂ ਫੀਸ ਦੇ ਕੇ 5 ਦਿਨਾਂ ਵਿੱਚ ਐਨਓਸੀ ਪ੍ਰਾਪਤ ਕਰ ਸਕਣਗੇ।