ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਨਰਾਇਣ ਚੌੜਾ ਦਾ ਅੱਜ ਰਿਮਾਂਡ ਖਤਮ ਹੋ ਗਿਆ ਸੀ।
5 ਦਸੰਬਰ ਨੂੰ ਗ੍ਰਿਫਤਾਰੀ ਤੋਂ ਬਾਅਦ ਚੌੜਾ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਸ ਨੂੰ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।
ਫਿਰ ਮਿਲਿਆ 3 ਦਿਨਾਂ ਦਾ ਰਿਮਾਂਡ
ਰਿਮਾਂਡ ਖਤਮ ਹੋਣ ਉਤੇ ਅੱਜ ਫਿਰ ਪਲਸ ਨੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਸੁਣਵਾਈ ਦੌਰਾਨ ਨਰਾਇਣ ਚੌੜਾ ਨੂੰ 3 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਹੁਣ 11 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਨੂੰ ਫਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਕੌਣ ਹੈ ਨਰਾਇਣ ਸਿੰਘ ਚੌੜਾ?
ਨਰਾਇਣ ਸਿੰਘ ਚੌੜਾ 1984 'ਚ ਪਾਕਿਸਤਾਨ ਗਿਆ ਸੀ, ਉਹ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਵਿੱਚ ਸ਼ਾਮਲ ਰਿਹਾ ਹੈ। ਪਾਕਿਸਤਾਨ ਵਿੱਚ ਆਪਣੀ ਰਿਹਾਇਸ਼ ਦੌਰਾਨ, ਨਰਾਇਣ ਚੌੜਾ ਨੇ ਕਥਿਤ ਤੌਰ 'ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹ ਸਾਹਿਤ 'ਤੇ ਇੱਕ ਕਿਤਾਬ ਵੀ ਲਿਖੀ ਹੈ। ਉਸ ਵਿਰੁੱਧ 8 ਮਈ 2010 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ ਵਿਸਫੋਟਕ ਐਕਟ ਤਹਿਤ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ।
ਅਗਸਤ 2018 ਵਿੱਚ, ਉਹ ਪੰਜ ਸਾਲ ਦੀ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਖ਼ਿਲਾਫ਼ ਵਿਸਫੋਟਕ ਐਕਟ ਤਹਿਤ ਕਈ ਕੇਸ ਦਰਜ ਹਨ। ਉਸ ਖ਼ਿਲਾਫ਼ ਦਰਜਨ ਦੇ ਕਰੀਬ ਕੇਸ ਦਰਜ ਹਨ। ਨਰਾਇਣ ਸਿੰਘ ਚੰਡੀਗੜ੍ਹ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ।
ਅੱਤਵਾਦੀਆਂ ਦੀ ਮਦਦ ਕਰਨ ਦਾ ਹੈ ਦੋਸ਼
ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚੋਂ ਚਾਰ ਖਾਲਿਸਤਾਨੀ ਅੱਤਵਾਦੀ ਸਾਲ 2004 'ਚ ਫਰਾਰ ਹੋ ਗਏ ਸਨ। ਨਰਾਇਣ ਸਿੰਘ 'ਤੇ ਇਨ੍ਹਾਂ ਅੱਤਵਾਦੀਆਂ ਦੀ ਮਦਦ ਕਰਨ ਦਾ ਦੋਸ਼ ਹੈ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ । ਨਰਾਇਣ ਸਿੰਘ ਚੌੜਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ, ਰਹਿਣ ਵਾਲਾ ਹੈ। ਬੱਬਰ ਖਾਲਸਾ ਨਾਲ ਵੀ ਸਬੰਧ ਹੈ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਸ੍ਰੀ ਦਰਬਾਰ ਸਾਹਿਬ ਦੇ ਦੁਆਰ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।