ਖਬਰਿਸਤਾਨ ਨੈਟੱਵਰਕ- ਨੇਪਾਲ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕੇਪੀ ਓਲੀ ਸ਼ਰਮਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਸਵੇਰ ਤੋਂ ਹੀ ਰਾਜਧਾਨੀ ਕਾਠਮੰਡੂ ਤੋਂ ਲੈ ਕੇ ਹੋਰ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਇਸ ਵਿਰੋਧ ਪ੍ਰਦਰਸ਼ਨ ਦੌਰਾਨ, ਲੋਕ ਸੰਸਦ ਭਵਨ ਵਿੱਚ ਵੀ ਦਾਖਲ ਹੋਏ ਅਤੇ ਅੱਗ ਲਗਾ ਦਿੱਤੀ ਸੀ।
4 ਮੰਤਰੀਆਂ ਨੇ ਵੀ ਅਸਤੀਫਾ ਦੇ ਦਿੱਤਾ
ਪ੍ਰਧਾਨ ਮੰਤਰੀ ਓਲੀ ਦੇ ਨਾਲ ਉਨ੍ਹਾਂ ਦੇ 4 ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਵਿੱਚ ਗ੍ਰਹਿ ਮੰਤਰੀ ਰਮੇਸ਼ ਲੇਖਕ, ਖੇਤੀਬਾੜੀ ਮੰਤਰੀ ਰਾਮਨਾਥ ਅਧਿਕਾਰੀ, ਸਿਹਤ ਮੰਤਰੀ ਪ੍ਰਦੀਪ ਪੌਡੇਲ ਅਤੇ ਜਲ ਸਪਲਾਈ ਮੰਤਰੀ ਪ੍ਰਦੀਪ ਯਾਦਵ ਸ਼ਾਮਲ ਹਨ।
ਹਿੰਸਕ ਵਿਰੋਧ ਪ੍ਰਦਰਸ਼ਨ 'ਚ 20 ਲੋਕਾਂ ਦੀ ਮੌਤ
ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸੰਸਦ ਦੇ ਗੇਟ ਨੰਬਰ 1 ਅਤੇ 2 'ਤੇ ਕਬਜ਼ਾ ਕਰ ਲਿਆ ਸੀ। ਜਵਾਬ ਵਿੱਚ, ਨੇਪਾਲ ਫੌਜ ਨੇ ਕਈ ਗੋਲੀਆਂ ਚਲਾਈਆਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਕਾਠਮੰਡੂ ਪ੍ਰਸ਼ਾਸਨ ਨੇ ਵੀ ਭੰਨਤੋੜ ਕਰਨ ਵਾਲਿਆਂ 'ਤੇ ਗੋਲੀ ਚਲਾਉਣ ਦੇ ਆਦੇਸ਼ ਜਾਰੀ ਕੀਤੇ। ਇਸ ਟਕਰਾਅ ਵਿੱਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 300 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ।
ਕਰਫਿਊ ਲੱਗਾ ਅਤੇ ਸੋਸ਼ਲ ਮੀਡੀਆ ਮੁੜ ਸ਼ੁਰੂ ਹੋਇਆ
ਸੁਰੱਖਿਆ ਕਾਰਨਾਂ ਕਰਕੇ ਕਾਠਮੰਡੂ ਦੇ ਮੁੱਖ ਖੇਤਰਾਂ ਵਿੱਚ ਕਰਫਿਊ ਲਗਾਇਆ ਗਿਆ ਹੈ। ਸੰਸਦ ਭਵਨ, ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਿਵਾਸ ਦੇ ਆਲੇ-ਦੁਆਲੇ ਦੀਆਂ ਸੜਕਾਂ 'ਤੇ ਫੌਜ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਬਾਅਦ ਵਿੱਚ ਸੋਸ਼ਲ ਮੀਡੀਆ ਮੁੜ ਸ਼ੁਰੂ ਕਰ ਦਿੱਤਾ ਪਰ ਤਣਾਅ ਅਜੇ ਵੀ ਬਣਿਆ ਹੋਇਆ ਹੈ।
ਇਹ ਘਟਨਾ ਨੇਪਾਲ ਦੇ ਰਾਜਨੀਤਿਕ ਇਤਿਹਾਸ ਵਿੱਚ ਇੱਕ ਨਵੇਂ ਮੋੜ ਵਜੋਂ ਉਭਰੀ ਹੈ, ਜਿੱਥੇ ਨੌਜਵਾਨ ਪੀੜ੍ਹੀ ਨੇ ਸਰਕਾਰ ਵਿਰੁੱਧ ਆਪਣਾ ਗੁੱਸਾ ਅਤੇ ਵਿਰੋਧ ਪ੍ਰਗਟ ਕੀਤਾ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤੀ ਨੂੰ ਕਾਬੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਕਾਰਣ ਹੋਇਆ ਹੰਗਾਮਾ
ਨੇਪਾਲ ਦੇ ਦੂਰਸੰਚਾਰ ਮੰਤਰੀ ਪ੍ਰਿਥਵੀ ਸੁੱਬਾ ਗੁਰੂੰਗ ਨੇ ਕਿਹਾ ਕਿ ਸਰਕਾਰ ਨੇ 2 ਦਰਜਨ ਤੋਂ ਵੱਧ ਕੰਪਨੀਆਂ ਨੂੰ ਲਗਾਤਾਰ ਨੋਟਿਸ ਭੇਜੇ ਸਨ ਅਤੇ ਉਨ੍ਹਾਂ ਨੂੰ ਦੇਸ਼ ਵਿੱਚ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਕਿਹਾ ਸੀ। ਸਰਕਾਰ ਨੇ ਇਨ੍ਹਾਂ ਕੰਪਨੀਆਂ ਨੂੰ 28 ਅਗਸਤ ਤੱਕ ਦਾ ਸਮਾਂ ਦਿੱਤਾ ਸੀ। ਸਮਾਂ ਸੀਮਾ ਦੇ ਬਾਵਜੂਦ ਕੰਪਨੀਆਂ ਨੇ ਰਜਿਸਟਰ ਨਹੀਂ ਕਰਵਾਇਆ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।