ਜਲੰਧਰ ਵਿਚ ਗੁਰਾਇਆ ਸਥਿਤ ਗੁਰਦੁਆਰਾ ਸਾਹਿਬ 'ਚ ਇਕ ਨੇਪਾਲੀ ਨੌਜਵਾਨ ਬਿਨਾਂ ਸਿਰ ਢੱਕ ਕੇ ਦਾਖਲ ਹੋ ਗਿਆ ਅਤੇ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਗ੍ਰੰਥੀ ਤੇ ਹੋਰ ਵਿਅਕਤੀਆਂ ਨੇ ਉਕਤ ਨੌਜਵਾਨ ਨੂੰ ਪਹਿਲਾਂ ਹੀ ਰੋਕ ਲਿਆ ਸੀ। ਉਕਤ ਦੀ ਪਛਾਣ ਨੇਪਾਲ ਦੇ ਰਹਿਣ ਵਾਲੇ ਗਣੇਸ਼ ਖੜਕਾ ਵਜੋਂ ਹੋਈ ਹੈ। ਫਿਲਹਾਲ ਗਣੇਸ਼ ਖੜਕਾ ਲੁਧਿਆਣਾ ਰਹਿ ਰਿਹਾ ਹੈ।
ਬਿਨਾਂ ਸਿਰ ਢੱਕੇ ਗੁਰਦੁਆਰਾ ਸਾਹਿਬ ਵਿੱਚ ਹੋਇਆ ਦਾਖਲ
ਇਸ ਮਾਮਲੇ ਵਿੱਚ ਗੁਰਾਇਆ ਥਾਣਾ ਪੁਲਸ ਨੇ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਹੈ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗੋਬਿੰਦ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ ਸਾਢੇ 5 ਵਜੇ ਗੁਰਦੁਆਰਾ ਸਾਹਿਬ 'ਚ ਅਰਦਾਸ ਕਰ ਰਹੇ ਸਨ। ਇਸ ਦੌਰਾਨ ਸੀਸੀਟੀਵੀ ਵਿੱਚ ਦੇਖਿਆ ਗਿਆ ਕਿ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਬਾਹਰ ਘੁੰਮ ਰਿਹਾ ਸੀ ਪਰ ਕੁਝ ਸਮੇਂ ਬਾਅਦ ਉਕਤ ਨੌਜਵਾਨ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਗਿਆ ਅਤੇ ਸ੍ਰੀ ਨਿਸ਼ਾਨ ਸਾਹਿਬ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ।
ਗ੍ਰੰਥੀ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ
ਇਸ ਦੇ ਨਾਲ ਹੀ ਉਸ ਨੇ ਸਾਈਡ 'ਤੇ ਪਏ ਵਾਈਪਰ ਨਾਲ ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਅਤੇ ਉਥੋਂ ਨਿਕਲ ਕੇ ਬਿਨਾਂ ਸਿਰ ਢੱਕੇ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਗਿਆ। ਜਦੋਂ ਉਸ ਨੂੰ ਫੜਿਆ ਗਿਆ ਤਾਂ ਉਸ ਦੀ ਜੇਬ ਵਿੱਚੋਂ ਤੰਬਾਕੂ ਵੀ ਬਰਾਮਦ ਹੋਇਆ। ਮੁਲਜ਼ਮ ਨੇ ਹੈੱਡ ਗ੍ਰੰਥੀ ਨਾਲ ਕੁੱਟਮਾਰ ਦੀ ਵੀ ਕੋਸ਼ਿਸ਼ ਕੀਤੀ ਪਰ ਕਿਸੇ ਤਰ੍ਹਾਂ ਉਕਤ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਅਤੇ ਮਾਮਲੇ ਦੀ ਸੂਚਨਾ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ।
ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ
ਫਿਲੌਰ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਅਸੀਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਕਾਫੀ ਹੰਗਾਮਾ ਕੀਤਾ। ਮੁਲਜ਼ਮ ਲੁਧਿਆਣਾ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਹੈ। ਉਹ ਗੋਰਾਇਆਂ ਕਿਵੇਂ ਪਹੁੰਚਿਆ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮੁਲਜ਼ਮ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਤੋਂ ਬਾਅਦ ਹੋਰ ਪੁੱਛਗਿੱਛ ਕੀਤੀ ਜਾਵੇਗੀ।