ਪੰਜਾਬ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਨੂੰ 8 ਨਵੰਬਰ ਨੂੰ ਲੁਧਿਆਣਾ ਵਿੱਚ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਸਾਈਕਲ ਵੈਲੀ ਵਿੱਚ ਰੱਖਿਆ ਗਿਆ ਹੈ। ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ।
ਜਾਣਕਾਰੀ ਅਨੁਸਾਰ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ ਹੀ ਚਾਰ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਹੋਣੀਆਂ ਹਨ। ਉਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਹਾਲਾਂਕਿ ਦੂਜੇ ਪੜਾਅ ਵਿੱਚ ਪੰਚਾਇਤ ਮੈਂਬਰਾਂ ਨੂੰ ਜ਼ਿਲ੍ਹਾ ਪੱਧਰੀ ਸਹੁੰ ਚੁਕਾਈ ਜਾਵੇਗੀ।
ਇਸ ਦੇ ਨਾਲ ਹੀ ਸਹੁੰ ਨੂੰ ਲੈ ਕੇ ਸਰਪੰਚਾਂ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਹ ਕਿਸ ਭਾਸ਼ਾ ਵਿੱਚ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸਬੰਧੀ ਲਿਖਤੀ ਫਾਰਮ ਪੰਚਾਇਤ ਵਿਭਾਗ ਵੱਲੋਂ ਸਰਪੰਚਾਂ ਨੂੰ ਭੇਜ ਦਿੱਤੇ ਗਏ ਹਨ।
ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ
ਦੱਸਿਆ ਜਾ ਰਿਹਾ ਹੈ ਕਿ ਇਸ ਸਮਾਰੋਹ 'ਚ ਸਾਰੇ ਕੈਬਨਿਟ ਮੰਤਰੀ ਵੀ ਸ਼ਾਮਲ ਹੋਣਗੇ। ਇਸ ਦੌਰਾਨ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਕਾਂਗਰਸ ਸਰਕਾਰ ਦੇ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ, ਉਸ ਸਮੇਂ ਪਟਿਆਲਾ ਵਿੱਚ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਈ ਗਈ ਸੀ। ਇਸ ਤੋਂ ਪਹਿਲਾਂ ਅਕਾਲੀ ਭਾਜਪਾ ਦੇ ਸਮੇਂ ਬਠਿੰਡਾ ਵਿੱਚ ਇਹ ਸਮਾਗਮ ਹੋਇਆ ਸੀ।