ਰਾਸ਼ਟਰੀ ਜਾਂਚ ਏਜੰਸੀ (NIA) ਹੁਣ ਜੰਮੂ ਦੇ ਰਿਆਸੀ 'ਚ 9 ਜੂਨ ਨੂੰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ। ਇਹ ਹੁਕਮ ਗ੍ਰਹਿ ਮੰਤਰਾਲੇ ਵੱਲੋਂ ਦਿੱਤੇ ਗਏ ਹਨ। ਜਿਸ ਤੋਂ ਬਾਅਦ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਇਹ ਕਦਮ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਚੁੱਕਿਆ ਗਿਆ ਹੈ।
UAPA ਦੇ ਤਹਿਤ ਮਾਮਲਾ ਦਰਜ
NIA ਨੇ ਇਸ ਮਾਮਲੇ 'ਚ UAPA ਤਹਿਤ ਮਾਮਲਾ ਦਰਜ ਕੀਤਾ ਹੈ। NIA ਇਸ ਹਮਲੇ ਦੀ ਹਰ ਪਹਿਲੂ ਤੋਂ ਜਾਂਚ ਕਰੇਗੀ। ਤਾਂ ਜੋ ਪਤਾ ਲੱਗ ਸਕੇ ਕਿ ਇਸ ਹਮਲੇ ਪਿੱਛੇ ਕੋਈ ਵੱਡੀ ਸਾਜ਼ਿਸ਼ ਤਾਂ ਨਹੀਂ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਹਫਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੇ ਸਬੰਧ ਵਿੱਚ ਜੰਮੂ ਤੇ ਕਸ਼ਮੀਰ ਵਿੱਚ ਪੁਲਿਸ ਦੁਆਰਾ ਕੁੱਲ 50 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ।
ਤਿੰਨ ਹੋਰ ਹਮਲਿਆਂ ਦੀ ਵੀ ਕਰੇਗੀ ਜਾਂਚ
ਅਧਿਕਾਰੀਆਂ ਨੇ ਦੱਸਿਆ ਕਿ ਐਨਆਈਏ ਇਸ ਹਮਲੇ ਦੀ ਇੱਕ ਵੱਡੀ ਸਾਜ਼ਿਸ਼ ਦੀ ਜਾਂਚ ਕਰੇਗੀ, ਜਿਸ ਦਾ ਸਬੰਧ ਕਠੂਆ ਅਤੇ ਡੋਡਾ ਵਿੱਚ ਹੋਏ ਤਿੰਨ ਹੋਰ ਹਮਲਿਆਂ ਨਾਲ ਵੀ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਪੁਲਸ ਨੇ ਪਿਛਲੇ ਇਕ ਹਫਤੇ 'ਚ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ, ਜਿਨ੍ਹਾਂ 'ਚ ਅੱਤਵਾਦੀਆਂ ਦਾ ਸਮਰਥਨ ਕਰਨ ਵਾਲੇ ਵੀ ਸ਼ਾਮਲ ਹਨ।
9 ਤੋਂ 10 ਲੋਕਾਂ ਦੀ ਮੌਤ, 42 ਤੋਂ ਵੱਧ ਜ਼ਖਮੀ
ਦੱਸ ਦੇਈਏ ਕਿ 9 ਜੂਨ ਨੂੰ ਕਟੜਾ ਦੇ ਸ਼ਿਵ ਖੋੜੀ ਮੰਦਰ ਤੋਂ ਮਾਤਾ ਵੈਸ਼ਨੋ ਦੇਵੀ ਮੰਦਿਰ ਜਾ ਰਹੀ 53 ਸੀਟਾਂ ਵਾਲੀ ਬੱਸ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਸੀ, ਜਿਸ ਕਾਰਨ ਇਹ ਬੱਸ ਸੜਕ ਤੋਂ ਉਤਰ ਗਈ ਸੀ ਅਤੇ ਪੋਨੀ ਦੇ ਤਰਯਾਥ ਪਿੰਡ ਨੇੜੇ ਡੂੰਘੀ ਖਾਈ 'ਚ ਜਾ ਡਿੱਗੀ ਸੀ। ਬੱਸ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਸੀ। ਇਸ ਘਟਨਾ 'ਚ 9 ਲੋਕਾਂ ਦੀ ਮੌਤ ਹੋ ਗਈ ਜਦਕਿ 42 ਹੋਰ ਜ਼ਖਮੀ ਹੋ ਗਏ।
ਪੁਲਿਸ ਨੇ ਅੱਤਵਾਦੀਆਂ ਤੇ 20 ਲੱਖ ਦਾ ਰੱਖਿਆ ਇਨਾਮ
ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਅੱਤਵਾਦੀਆਂ ਬਾਰੇ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਉੱਚ ਪੱਧਰੀ ਮੀਟਿੰਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਉੱਚ ਪੱਧਰੀ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿਚ ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਕੁਚਲਣਾ ਜ਼ਰੂਰੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਮੁੜ ਵਧਣ-ਫੁੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਅਧਿਕਾਰੀਆਂ ਨੂੰ ਸੰਦੇਸ਼ ਦਿੰਦੇ ਹੋਏ ਸ਼ਾਹ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਅੱਤਵਾਦ ਸਮਰਥਕਾਂ ਨੂੰ ਬਖਸ਼ਿਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।