ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ 24 ਘੰਟੇ ਖੁੱਲ੍ਹੀਆਂ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦੇਈਏ ਕਿ ਚੰਡੀਗੜ੍ਹ ਦੇ ਵਪਾਰੀ ਕਈ ਦਿਨਾਂ ਤੋਂ ਇਸ ਦੀ ਮੰਗ ਕਰ ਰਹੇ ਸਨ। 24 ਘੰਟੇ ਚੱਲਣ ਵਾਲੀ ਦੁਕਾਨ ਖੋਲ੍ਹਣ ਲਈ ਸਭ ਤੋਂ ਪਹਿਲਾਂ ਤੁਹਾਨੂੰ ਲੇਬਰ ਵਿਭਾਗ ਦੀ ਵੈੱਬਸਾਈਟ 'ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਪ੍ਰਸ਼ਾਸਨ ਨੇ ਕਰਮਚਾਰੀਆਂ ਦੀ ਸੁਰੱਖਿਆ ਲਈ 24 ਘੰਟੇ ਦੁਕਾਨਾਂ ਖੋਲ੍ਹਣ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ।
ਸ਼ਰਾਬ ਦੀਆਂ ਦੁਕਾਨਾਂ, ਪੱਬਾਂ, ਬਾਰਾਂ ਅਤੇ ਕਲੱਬਾਂ 'ਤੇ ਲਾਗੂ ਨਹੀਂ ਹੋਣਗੇ ਇਹ ਆਦੇਸ਼
ਪ੍ਰਸ਼ਾਸਨ ਨੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਫੈਸਲਾ ਲਿਆ ਹੈ ਪਰ ਇਹ ਹੁਕਮ ਸ਼ਰਾਬ ਦੀਆਂ ਦੁਕਾਨਾਂ, ਪੱਬਾਂ, ਬਾਰਾਂ ਅਤੇ ਕਲੱਬਾਂ 'ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ। ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਕਰਮਚਾਰੀ ਨੂੰ 9 ਘੰਟੇ ਤੋਂ ਵੱਧ ਕੰਮ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਹਫ਼ਤੇ ਵਿੱਚ ਇੱਕ ਛੁੱਟੀ ਵੀ ਦੇਣੀ ਪਵੇਗੀ। ਜਿਸ ਲਈ ਉਸਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ।
ਅੱਧੇ ਘੰਟੇ ਦਾ ਦਿੱਤਾ ਜਾਵੇਗਾ ਆਰਾਮ
ਹਰ ਕਰਮਚਾਰੀ ਨੂੰ ਲਗਾਤਾਰ 5 ਘੰਟੇ ਕੰਮ ਕਰਨ ਤੋਂ ਬਾਅਦ ਘੱਟੋ-ਘੱਟ ਅੱਧੇ ਘੰਟੇ ਦਾ ਆਰਾਮ ਦਿੱਤਾ ਜਾਵੇਗਾ। ਇੱਕ ਹਫ਼ਤੇ ਵਿੱਚ ਵੱਧ ਤੋਂ ਵੱਧ 48 ਘੰਟੇ ਕੰਮ ਕੀਤਾ ਜਾ ਸਕਦਾ ਹੈ। ਜੇਕਰ ਦੁਕਾਨ ਰਾਤ 10 ਵਜੇ ਤੋਂ ਬਾਅਦ ਖੁੱਲ੍ਹੀ ਰਹਿੰਦੀ ਹੈ, ਤਾਂ ਦੁਕਾਨ ਦੇ ਮਾਲਕ ਨੂੰ ਸਾਰੇ ਕਰਮਚਾਰੀਆਂ ਅਤੇ ਗਾਹਕਾਂ ਲਈ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣੇ ਪੈਣਗੇ |
ਮਹਿਲਾ ਕਰਮਚਾਰੀ ਤੋਂ ਲੈਣੀ ਪਵੇਗੀ ਲਿਖਤੀ ਸਹਿਮਤੀ
ਇਸ ਦੇ ਨਾਲ ਹੀ ਜੇਕਰ ਕੋਈ ਮਹਿਲਾ ਕਰਮਚਾਰੀ ਰਾਤ 8 ਵਜੇ ਤੋਂ ਬਾਅਦ ਕੰਮ 'ਤੇ ਆਉਂਦੀ ਹੈ ਤਾਂ ਉਸ ਤੋਂ ਲਿਖਤੀ ਸਹਿਮਤੀ ਲੈਣੀ ਪਵੇਗੀ। ਮਹਿਲਾ ਕਰਮਚਾਰੀਆਂ ਲਈ ਵੱਖਰਾ ਲਾਕਰ, ਸੁਰੱਖਿਆ ਅਤੇ ਆਰਾਮ ਕਮਰਾ ਮੁਹੱਈਆ ਕਰਵਾਇਆ ਜਾਵੇਗਾ। ਨਾਲ ਹੀ ਕੰਮ ਖਤਮ ਹੋਣ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਦੁਕਾਨ ਮਾਲਕ ਦੀ ਹੋਵੇਗੀ। ਮਹਿਲਾ ਮੁਲਾਜ਼ਮਾਂ ਨੂੰ ਹਫ਼ਤੇ ਵਿੱਚ ਇੱਕ ਛੁੱਟੀ ਤੋਂ ਇਲਾਵਾ ਸਾਰੇ ਸਰਕਾਰੀ ਅਤੇ ਤਿਉਹਾਰਾਂ ਮੌਕੇ ਛੁੱਟੀ ਦੇਣੀ ਪਵੇਗੀ।
ਦੁਕਾਨਾਂ 24 ਘੰਟੇ ਖੋਲ੍ਹਣ ਲਈ ਦਿਸ਼ਾ-ਨਿਰਦੇਸ਼: ਦੁਕਾਨਾਂ ਦੇ ਅੰਦਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਜਿਸ ਦੀ ਰਿਕਾਰਡਿੰਗ ਦਾ ਬੈਕਅੱਪ ਘੱਟੋ-ਘੱਟ 15 ਦਿਨਾਂ ਲਈ ਰੱਖਣਾ ਹੋਵੇਗਾ।