ਹਰਿਆਣਾ 'ਚ 15 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਨਾਇਬ ਸੈਣੀ ਦੂਜੀ ਵਾਰ ਮੁੱਖ ਮੰਤਰੀ ਬਣ ਸਕਦੇ ਹਨ। ਹਾਲਾਂਕਿ ਭਾਜਪਾ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੇ ਲਈ ਸਹੁੰ ਚੁੱਕ ਸਮਾਗਮ ਤੋਂ ਇੱਕ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਇਸ ਦਾ ਐਲਾਨ ਕੀਤਾ ਜਾਵੇਗਾ।
ਪੀਐਮ ਮੋਦੀ ਸਮੇਤ ਇਹ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਅਮਿਤ ਸ਼ਾਹ ਅਤੇ ਰਾਜਨਾਥ ਸਮੇਤ ਕਈ ਕੇਂਦਰੀ ਮੰਤਰੀ ਅਤੇ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਵੀ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਪੰਚਕੂਲਾ ਦੇ ਡੀਸੀ ਦੀ ਪ੍ਰਧਾਨਗੀ ਹੇਠ 10 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸਹੁੰ ਚੁੱਕ ਸਮਾਗਮ ਦੇ ਆਯੋਜਨ ਦੇ ਸਾਰੇ ਪ੍ਰਬੰਧਾਂ ਦੀ ਦੇਖ ਰੇਖ ਕਰੇਗੀ।
ਪਹਿਲਾਂ 12 ਅਕਤੂਬਰ ਨੂੰ ਹੋਣਾ ਸੀ ਸਹੁੰ ਚੁੱਕ ਸਮਾਗਮ
ਇਸ ਤੋਂ ਪਹਿਲਾਂ ਇਹ ਸਹੁੰ ਚੁੱਕ ਸਮਾਗਮ 12 ਅਕਤੂਬਰ ਨੂੰ ਹੋਣਾ ਸੀ ਪਰ ਪ੍ਰਧਾਨ ਮੰਤਰੀ ਮੋਦੀ ਦੇ ਦੇਸ਼ ਤੋਂ ਬਾਹਰ ਹੋਣ ਕਾਰਨ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਸੀ। ਭਾਜਪਾ ਦੇ 48 ਨਵੇਂ ਵਿਧਾਇਕਾਂ ਦੀ ਅੱਜ ਮੀਟਿੰਗ ਹੋ ਸਕਦੀ ਹੈ। ਨਵੀਂ ਕੈਬਨਿਟ 'ਚ ਕਿਸ ਨੂੰ ਥਾਂ ਮਿਲੇਗੀ ਇਸ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਲੀਡਰਸ਼ਿਪ 'ਤੇ ਟਿਕੀਆਂ ਹੋਈਆਂ ਹਨ।
ਲਗਾਤਾਰ ਤੀਜੀ ਵਾਰ ਬਣਨ ਜਾ ਰਹੀ ਸਰਕਾਰ
ਹਰਿਆਣਾ 'ਚ ਲਗਾਤਾਰ ਭਾਜਪਾ ਦੀ ਤੀਜੀ ਸਰਕਾਰ ਬਣਨ ਜਾ ਰਹੀ ਹੈ। ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 90 ਵਿੱਚੋਂ 48 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ। ਕਾਂਗਰਸ ਨੂੰ 37, ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੂੰ 2 ਅਤੇ ਆਜ਼ਾਦ ਉਮੀਦਵਾਰਾਂ ਨੂੰ 3 ਸੀਟਾਂ ਮਿਲੀਆਂ ਹਨ।