ਖ਼ਬਰਿਸਤਾਨ ਨੈੱਟਵਰਕ: ਪੰਜਾਬ 'ਚ ਪਨਬਸ-PRTC ਦੇ ਕਰਮਚਾਰੀਆਂ ਨੇ ਇੱਕ ਵਾਰ ਫਿਰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ| ਜਿਸ ਕਰਨ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਤਿੰਨ ਦਿਨ ਤਕ ਪ੍ਰੇਸ਼ਨੀਆਂ ਦਾ ਸਾਹਮਣਾ ਕਰਨਾ ਪਵੇਗਾ| ਦੱਸ ਦੇਈਏ ਕਿ ਪਨਬਸ-ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਵਿਰੁੱਧ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਰਕੇ ਇਨ੍ਹਾਂ ਦਿਨਾਂ ਵਿੱਚ ਬੱਸਾਂ ਬੰਦ ਰਹਿਣਗੀਆਂ। ਜਿਸ ਕਾਰਨ ਹੁਣ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਨੁਸਾਰ, ਪੰਜਾਬ ਵਿੱਚ 20 ਤੋਂ 22 ਮਈ ਪਨਬਸ-ਪੀ.ਆਰ.ਟੀ.ਸੀ. ਬੰਦ ਹੀ ਰਹਿਣਗੀਆਂ।
15 ਮਈ ਤੋਂ ਸ਼ੁਰੂ ਹੋਵੇਗੀ ਰੋਸ ਰੈਲੀਆਂ ਦੀ ਲੜੀ
ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਔਰਤਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ, ਪਰ ਵਿਭਾਗ ਨੂੰ ਪੈਸੇ ਨਹੀਂ ਦਿੱਤੇ ਜਾ ਰਹੇ| ਜਿਸ ਕਾਰਨ ਉਨ੍ਹਾਂ ਨੂੰ ਸਪੇਅਰ ਪਾਰਟਸ ਖਰੀਦਣ ਵਿੱਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਰੋਸ ਰੈਲੀਆਂ ਦੀ ਲੜੀ 15 ਮਈ ਤੋਂ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਉਹ ਹਰ ਰੋਜ਼ ਵੱਖ-ਵੱਖ ਸ਼ਹਿਰਾਂ ਦੇ ਬੱਸ ਅੱਡਿਆਂ 'ਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ।
ਤਨਖਾਹਾਂ ਨੂੰ ਲੈ ਕੇ ਕੀਤਾ ਇਹ ਐਲਾਨ
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਾਰ-ਵਾਰ ਮੀਟਿੰਗਾਂ ਰਾਹੀਂ ਭਰੋਸਾ ਦਿੱਤਾ ਜਾਂਦਾ ਹੈ, ਪਰ ਮੰਗਾਂ ਲਾਗੂ ਕਰਨ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਜਿਸ ਕਾਰਨ ਉਹ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਚੱਕਾ ਜਾਮ ਦੌਰਾਨ ਟਰਾਂਸਪੋਰਟ ਮੰਤਰੀ ਸਮੇਤ ਵੱਖ-ਵੱਖ ਮੰਤਰੀਆਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ।