ਜਲੰਧਰ ਦੇ ਪਠਾਨਕੋਟ ਚੌਕ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 10 ਤੋਂ 12 ਵਾਹਨ ਆਪਸ ਵਿੱਚ ਟਕਰਾ ਗਏ। ਜਿਸ 'ਚ ਕਈ ਲੋਕ ਜ਼ਖਮੀ ਹੋ ਗਏ ਹਨ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਵਿੱਚ 8 ਕਾਰਾਂ ਤੇ 2 ਆਟੋ ਤੇ ਹੋਰ ਵਾਹਨ ਸ਼ਾਮਲ ਸਨ।
ਦੁੱਧ ਦਾ ਟੈਂਕਰ ਕਾਬੂ ਤੋਂ ਬਾਹਰ ਹੋਣ ਕਾਰਨ ਵਾਪਰਿਆ ਹਾਦਸਾ
ਦੱਸਿਆ ਜਾ ਰਿਹਾ ਹੈ ਕਿ ਪੀਏਪੀ ਵਾਲੇ ਪਾਸੇ ਤੋਂ ਦੁੱਧ ਦਾ ਟੈਂਕਰ ਆ ਰਿਹਾ ਸੀ। ਅਚਾਨਕ ਡਰਾਈਵਰ ਟੈਂਕਰ ਤੋਂ ਕੰਟਰੋਲ ਗੁਆ ਬੈਠਾ ਤੇ ਟੈਂਕਰ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਵਾਹਨਾਂ ਨਾਲ ਟਕਰਾ ਗਿਆ। ਦੱਸਿਆ ਜਾ ਰਿਹਾ ਹੈ ਕਿ ਟੈਂਕਰ ਦੀ ਬ੍ਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।
15 ਲੋਕ ਜ਼ਖਮੀ
ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਸੜਕ ਹਾਦਸੇ 'ਚ 10 ਤੋਂ 15 ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਵਿੱਚੋਂ 3 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇੱਕ ਆਟੋ ਚਾਲਕ ਦੀ ਲੱਤ ਟੁੱਟਣ ਦੀ ਸੂਚਨਾ ਵੀ ਸਾਹਮਣੇ ਆਈ ਹੈ ਤੇ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ।
ਹਾਦਸੇ ਤੋਂ ਬਾਅਦ ਲੱਗ ਗਿਆ ਭਾਰੀ ਜਾਮ
ਇਸ ਹਾਦਸੇ ਤੋਂ ਬਾਅਦ ਸੜਕ 'ਤੇ ਭਾਰੀ ਜਾਮ ਲੱਗ ਗਿਆ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਤੁਰੰਤ ਕਰੇਨ ਦੀ ਮਦਦ ਨਾਲ ਵਾਹਨਾਂ ਨੂੰ ਸੜਕ ਤੋਂ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ, ਤਾਂ ਜੋ ਹੋਰ ਲੋਕਾਂ ਲਈ ਸੜਕ ਸਾਫ਼ ਹੋ ਸਕੇ ਤੇ ਆਵਾਜਾਈ ਦੀ ਸਥਿਤੀ ਠੱਪ ਨਾ ਹੋਵੇ।