ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵਿਦੇਸ਼ਾਂ 'ਚ ਰਹਿੰਦੇ ਸਿੱਖਾਂ ਲਈ ਵੱਡਾ ਐਲਾਨ ਕੀਤਾ ਹੈ। ਗ੍ਰਹਿ ਮੰਤਰੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਪਾਕਿਸਤਾਨ ਸਰਕਾਰ ਅਮਰੀਕਾ, ਯੂ ਕੇ ਅਤੇ ਕੈਨੇਡਾ ਤੋਂ ਪਾਕਿਸਤਾਨ ਵਿੱਚ ਆਪਣੇ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦੇਵੇਗੀ। ਫਿਲਹਾਲ ਭਾਰਤ ਦੇ ਸਿੱਖਾਂ ਲਈ ਇਸ ਵੀਜ਼ਾ ਸਹੂਲਤ ਦਾ ਐਲਾਨ ਨਹੀਂ ਕੀਤਾ ਗਿਆ ਹੈ।
30 ਮਿੰਟ ਦੇ ਅੰਦਰ ਮਿਲੇਗਾ ਮੁਫਤ ਵੀਜ਼ਾ
ਗ੍ਰਹਿ ਮੰਤਰੀ ਨਕਵੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਸਿੱਖਾਂ ਲਈ ਆਨਲਾਈਨ ਵੀਜ਼ਾ ਪ੍ਰਕਿਰਿਆ ਨੂੰ ਆਸਾਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ, ਯੂ ਕੇ ਅਤੇ ਕੈਨੇਡੀਅਨ ਪਾਸਪੋਰਟ ਧਾਰਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਬਿਨਾਂ ਕਿਸੇ ਫੀਸ ਦੇ 30 ਮਿੰਟ ਦੇ ਅੰਦਰ ਆਪਣਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ।
ਸਿੱਖ ਸਾਲ ਵਿੱਚ 10 ਵਾਰ ਪਾਕਿਸਤਾਨ ਆ ਸਕਦੇ ਹਨ
ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਭਾਈਚਾਰੇ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਸਾਲ ਵਿੱਚ 10 ਵਾਰ ਪਾਕਿਸਤਾਨ ਆ ਸਕਦੇ ਹੋ ਅਤੇ ਅਸੀਂ ਹਰ ਵਾਰ ਤੁਹਾਡਾ ਸਵਾਗਤ ਕਰਾਂਗੇ।
ਪਾਕਿਸਤਾਨ ਸਿੱਖ ਭਾਈਚਾਰੇ ਲਈ ਪਵਿੱਤਰ - ਗ੍ਰਹਿ ਮੰਤਰੀ ਨਕਵੀ
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਊਦੀ ਅਰਬ ਮੁਸਲਮਾਨਾਂ ਲਈ ਪਵਿੱਤਰ ਹੈ, ਉਸੇ ਤਰ੍ਹਾਂ ਪਾਕਿਸਤਾਨ ਸਿੱਖ ਕੌਮ ਲਈ ਪਵਿੱਤਰ ਹੈ। ਉਨ੍ਹਾਂ ਐਲਾਨ ਕੀਤਾ ਕਿ ਪਾਕਿਸਤਾਨ ਵਿੱਚ ਬਹੁਤ ਸਾਰੀਆਂ ਸਿੱਖ ਵਿਰਾਸਤੀ ਥਾਵਾਂ ਨੂੰ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ ਅਤੇ ਇਸ ਸਬੰਧੀ ਕਿਸੇ ਪਰਮਿਟ ਦੀ ਲੋੜ ਨਹੀਂ ਹੋਵੇਗੀ।