ਪੰਜਾਬ 'ਚ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਸਰਕਾਰ ਵੱਲੋਂ ਵੀਰਵਾਰ ਰਾਤ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਰਾਜ ਵਿੱਚ 20 ਅਕਤੂਬਰ 2024 ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ।
ਮੰਨਿਆ ਜਾ ਰਿਹਾ ਹੈ ਕਿ 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ।
ਪੰਚਾਇਤੀ ਚੋਣਾਂ ਹੁਣ ਬਿਨਾਂ ਪਾਰਟੀ ਚੋਣ ਨਿਸ਼ਾਨ ’ਤੇ ਲੜ੍ਹੀਆਂ ਜਾਣਗੀਆਂ। ਬੀਤੇ ਦਿਨੀਂ ਪੰਜਾਬ ਪੰਚਾਇਤੀ ਰਾਜ ਐਕਟ ਦੀ ਧਾਰਾ 12 ਵਿੱਚ ਸੋਧ ਦਾ ਬਿੱਲ ਵੀ ਵਿਧਾਨ ਸਭਾ ਵਿੱਚ ਪਾਸ ਹੋ ਗਿਆ ਸੀ। ਇਸ ਬਿੱਲ ਦੇ ਲਾਗੂ ਹੋਣ ਪਿੱਛੋਂ ਪੰਜਾਬ ਵਿੱਚ ਪੰਚਾਇਤੀ ਚੋਣ ਕਿਸੇ ਵੀ ਉਮੀਦਵਾਰ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜੀ ਜਾ ਸਕੇਗੀ।
ਦੱਸ ਦੇਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਐਲਾਨ ਕੀਤਾ ਸੀ ਕਿ ਜਿਹੜੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਵੇਗੀ, ਉਸਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਚਾਇਤ ਦੀ ਮੰਗ ਅਨੁਸਾਰ ਸਟੇਡੀਅਮ, ਸਕੂਲ ਜਾਂ ਹਸਪਤਾਲ ਵਿਚੋਂ ਕੋਈ ਇਕ ਸੁਵਿਧਾ ਦਿੱਤੀ ਜਾਵੇਗੀ।