ਪੰਜਾਬ ਵਿੱਚ ਗ੍ਰਾਮ ਪੰਚਾਇਤ ਚੋਣਾਂ ਸਤੰਬਰ ਮਹੀਨੇ ਵਿੱਚ ਹੋਣੀਆਂ ਹਨ। ਪੰਜਾਬ ਸਰਕਾਰ ਨੇ ਖੁਦ ਹਾਈਕੋਰਟ 'ਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ ਹੈ। ਪਟੀਸ਼ਨਰ ਰੁਲਦਾ ਸਿੰਘ ਨੇ ਵਕੀਲ ਦਿਨੇਸ਼ ਕੁਮਾਰ ਅਤੇ ਸ਼ਿਖਾ ਸਿੰਗਲਾ ਰਾਹੀਂ ਅਦਾਲਤ ਵਿੱਚ ਦਲੀਲ ਦਿੱਤੀ ਕਿ ਜਨਵਰੀ ਵਿੱਚ ਗ੍ਰਾਮ ਪੰਚਾਇਤਾਂ ਭੰਗ ਹੋਣ ਤੋਂ ਬਾਅਦ ਵੀ ਚੋਣਾਂ ਨਹੀਂ ਕਰਵਾਈਆਂ ਗਈਆਂ।
ਇਸ ਕਾਰਨ ਪੰਚਾਇਤੀ ਚੋਣਾਂ ਦਾ ਮਾਮਲਾ ਅਦਾਲਤ ਤੱਕ ਪਹੁੰਚ ਗਿਆ
ਦਰਅਸਲ ਪਿਛਲੇ ਸਾਲ 11 ਅਗਸਤ ਨੂੰ ਪੰਜਾਬ ਸਰਕਾਰ ਨੇ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਦੇ ਕਈ ਸਰਪੰਚਾਂ ਨੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਮਾਮਲਾ ਹਾਈਕੋਰਟ ਪਹੁੰਚ ਗਿਆ। ਮਾਮਲਾ ਹਾਈਕੋਰਟ ਪੁੱਜਣ ਤੋਂ ਬਾਅਦ ਪੰਚਾਇਤਾਂ ਬਹਾਲ ਹੋ ਗਈਆਂ।
ਰਾਜ ਵਿੱਚ ਕੁੱਲ 13241 ਪੰਚਾਇਤਾਂ
ਪੰਜਾਬ ਵਿੱਚ ਪੰਚਾਇਤਾਂ ਦਾ ਕਾਰਜਕਾਲ ਦਸੰਬਰ ਮਹੀਨੇ ਵਿੱਚ ਖਤਮ ਹੋ ਗਿਆ ਹੈ, ਜਿਸ ਤੋਂ ਬਾਅਦ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੰਚਾਇਤਾਂ ਵਿੱਚ ਨਿਯੁਕਤ ਕਰ ਦਿੱਤਾ। ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ, ਜਦੋਂ ਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ।
ਨਗਰ ਨਿਗਮ ਚੋਣਾਂ ਸਬੰਧੀ ਵੀ ਚਰਚਾ ਹੋਈ
ਨਗਰ ਨਿਗਮ ਚੋਣਾਂ ਨੂੰ ਲੈ ਕੇ ਹਾਈ ਕੋਰਟ ਵਿੱਚ ਵੀ ਬਹਿਸ ਹੋਈ। ਨਗਰ ਨਿਗਮ ਚੋਣਾਂ ਨੂੰ ਲੈ ਕੇ ਐਡਵੋਕੇਟ ਜਨਰਲ ਨੇ ਇਸ ਲਈ 3 ਹਫ਼ਤਿਆਂ ਦਾ ਸਮਾਂ ਮੰਗਿਆ ਹੈ ਕਿਉਂਕਿ ਇਸ ਮਾਮਲੇ ਨਾਲ ਸਬੰਧਤ ਇੱਕ ਕੇਸ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ।