ਪਤੰਜਲੀ ਆਯੁਰਵੇਦ ਲਿਮਟਿਡ ਨੇ ਬਾਜ਼ਾਰ ਵਿੱਚ ਆਪਣੇ 14 ਉਤਪਾਦਾਂ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਪਤੰਜਲੀ ਨੇ ਇਹ ਜਾਣਕਾਰੀ ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਦਿੱਤੀ। ਉੱਤਰਾਖੰਡ ਸਰਕਾਰ ਨੇ ਅਪ੍ਰੈਲ ਮਹੀਨੇ 'ਚ ਇਨ੍ਹਾਂ ਉਤਪਾਦਾਂ ਦੇ ਨਿਰਮਾਣ ਲਾਇਸੈਂਸ ਨੂੰ ਮੁਅੱਤਲ ਕਰ ਦਿੱਤਾ ਸੀ।
ਫਰੈਂਚਾਇਜ਼ੀ ਸਟੋਰਾਂ ਨੂੰ 14 ਉਤਪਾਦ ਵਾਪਸ ਲੈਣ ਦੇ ਨਿਰਦੇਸ਼
ਇਸ ਦੇ ਨਾਲ ਹੀ ਕੰਪਨੀ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਲਾਇਸੈਂਸ ਰੱਦ ਹੋਣ ਤੋਂ ਬਾਅਦ 5600 ਤੋਂ ਜ਼ਿਆਦਾ ਫਰੈਂਚਾਇਜ਼ੀ ਸਟੋਰਾਂ ਨੂੰ 14 ਉਤਪਾਦ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਮੀਡੀਆ ਪਲੇਟਫਾਰਮ 'ਤੇ ਇਸ਼ਤਿਹਾਰ ਨੂੰ ਵਾਪਸ ਲੈਣ ਲਈ ਕਿਹਾ ਗਿਆ ਹੈ।
30 ਜੁਲਾਈ ਨੂੰ ਮੁੜ ਸੁਣਵਾਈ ਹੋਵੇਗੀ
ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਦੋ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ। ਹਲਫ਼ਨਾਮੇ ਵਿੱਚ ਕੰਪਨੀ ਨੂੰ ਦੱਸਣਾ ਹੋਵੇਗਾ ਕਿ ਕੀ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਨੇ ਇਨ੍ਹਾਂ ਉਤਪਾਦਾਂ ਦੇ ਇਸ਼ਤਿਹਾਰਾਂ ਨੂੰ ਹਟਾਉਣ ਦੀ ਉਨ੍ਹਾਂ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ ਅਤੇ ਕੀ ਉਨ੍ਹਾਂ ਨੇ ਇਸ਼ਤਿਹਾਰ ਵਾਪਸ ਲੈ ਲਏ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਜੁਲਾਈ ਨੂੰ ਹੋਵੇਗੀ।