ਖਬਰਿਸਤਾਨ ਨੈਟੱਵਰਕ- ਨੇਪਾਲ ਵਿਚ 26 ਸੋਸ਼ਲ ਮੀਡੀਆ ਐਪਸ ਉਤੇ ਪਾਬੰਦੀ ਲਾਉਣ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਨੌਜਵਾਨ ਸੰਸਦ ਭਵਨ ’ਚ ਦਾਖਲ ਹੋ ਗਏ। ਨੇਪਾਲ ਪੁਲਿਸ ਅਨੁਸਾਰ 12 ਹਜ਼ਾਰ ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਦੇ ਗੇਟ ਨੰਬਰ 1 ਅਤੇ 2 ’ਤੇ ਕਬਜ਼ਾ ਕਰ ਲਿਆ, ਜਿਸ ਤੋਂ ਬਾਅਦ ਸੰਸਦ ਭਵਨ, ਰਾਸ਼ਟਰਪਤੀ, ਉਪਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵਾਲੇ ਇਲਾਕਿਆਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਫੌਜ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਪੁਲਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ
ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਉਨ੍ਹਾਂ ’ਤੇ ਪਾਣੀ ਦੀ ਬੁਛਾਰ ਵੀ ਕੀਤੀ। ਇਸੇ ਦੌਰਾਨ ਕਈ ਰਾਊਂਡ ਫਾਇਰਿੰਗ ਵੀ ਕੀਤੀ ਗਈ। ਪ੍ਰਧਾਨ ਮੰਤਰੀ ਕੇ.ਪੀ.ਸ਼ਰਮਾ ਓਲੀ ਦੀ ਸਰਕਾਰ ਦੇ ਖਿਲਾਫ਼ ਕਾਠਮੰਡੂ ਦੇ ਕਈ ਸ਼ਹਿਰਾਂ ’ਚ ਇਹ ਪ੍ਰਦਰਸ਼ਨ ਹੋ ਰਹੇ ਸਨ, ਜਿਸ ਦੇ ਚਲਦਿਆਂ ਕਾਠਮੰਡੂ ’ਚ ਪਹਿਲਾਂ ਹੀ ਕਰਫਿਊ ਲਗਾ ਦਿੱਤਾ ਗਿਆ ਸੀ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਭੜਕ ਗਏ। ਜ਼ਿਕਰਯੋਗ ਹੈ ਕਿ ਨੇਪਾਲ ਦੇ ਇਤਿਹਾਸ ’ਚ ਸੰਸਦ ’ਚ ਘੁਸਪੈਠ ਦਾ ਇਹ ਪਹਿਲਾ ਮਾਮਲਾ ਹੈ।
ਕਿਉਂ ਲਗਾਈ ਗਈ ਸੋਸ਼ਲ ਮੀਡੀਆ 'ਤੇ ਪਾਬੰਦੀ
ਨੇਪਾਲ ਦੇ ਦੂਰਸੰਚਾਰ ਮੰਤਰੀ ਪ੍ਰਿਥਵੀ ਸੁੱਬਾ ਗੁਰੂੰਗ ਨੇ ਕਿਹਾ ਕਿ ਸਰਕਾਰ ਨੇ 2 ਦਰਜਨ ਤੋਂ ਵੱਧ ਕੰਪਨੀਆਂ ਨੂੰ ਲਗਾਤਾਰ ਨੋਟਿਸ ਭੇਜੇ ਸਨ ਅਤੇ ਉਨ੍ਹਾਂ ਨੂੰ ਦੇਸ਼ ਵਿੱਚ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਕਿਹਾ ਸੀ। ਸਰਕਾਰ ਨੇ ਇਨ੍ਹਾਂ ਕੰਪਨੀਆਂ ਨੂੰ 28 ਅਗਸਤ ਤੱਕ ਦਾ ਸਮਾਂ ਦਿੱਤਾ ਸੀ। ਸਮਾਂ ਸੀਮਾ ਦੇ ਬਾਵਜੂਦ, ਕੰਪਨੀਆਂ ਨੇ ਰਜਿਸਟਰ ਨਹੀਂ ਕਰਵਾਇਆ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।