ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ 'ਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਦੇਖਣ ਨੂੰ ਮਿਲੀ। ਪ੍ਰਦਰਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਸ਼ਾਮਲ ਹਨ।
ਹਰਜੋਤ ਬੈਂਸ ਨੂੰ ਹਿਰਾਸਤ 'ਚ ਲਿਆ
ਪੁਲਸ ਨੇ ਹਰਜੋਤ ਬੈਂਸ ਨੂੰ ਪ੍ਰਧਾਨ ਮੰਤਰੀ ਨਿਵਾਸ ਵੱਲ ਮਾਰਚ ਕਰਨ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਉਸ ਦੀ ਪੱਗ ਵੀ ਉਤਰਨ ਵਾਲੀ ਸੀ ਪਰ ਉਸ ਨੇ ਸਮੇਂ ਸਿਰ ਆਪਣੀ ਪੱਗ ਸੰਭਾਲ ਲਈ। ਪੁਲਸ ਉਨ੍ਹਾਂ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਈ। ਇਸ ਦੌਰਾਨ ਕਈ 'ਆਪ' ਵਰਕਰਾਂ ਨੂੰ ਪੁਲਸ ਨੇ ਹਿਰਾਸਤ 'ਚ ਵੀ ਲਿਆ ਹੈ।
ਕੇਜਰੀਵਾਲ 28 ਮਾਰਚ ਤੱਕ ਹਿਰਾਸਤ 'ਚ
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹਨ। ਈਡੀ ਨੇ ਅਦਾਲਤ ਤੋਂ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਈਡੀ ਨੂੰ ਸਿਰਫ਼ 6 ਦਿਨ ਦਾ ਰਿਮਾਂਡ ਦਿੱਤਾ ਹੈ।
ਪੁਲਸ ਨੇ ਕਿਹਾ- ਅਸੀਂ 'ਆਪ' ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ
ਆਮ ਆਦਮੀ ਪਾਰਟੀ ਦੇ ਪ੍ਰਧਾਨ ਮੰਤਰੀ ਨਿਵਾਸ ਤੱਕ ਪੈਦਲ ਮਾਰਚ ਨੂੰ ਲੈ ਕੇ ਪੁਲਸ ਨੇ ਦਿੱਲੀ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੁਲਸ ਨੇ ਕਿਹਾ ਕਿ ਅਸੀਂ ਇਸ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇੱਥੇ ਕਿਸੇ ਨੂੰ ਵੀ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।