ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਡਿਪਟੀ ਸੀ ਐੱਮ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਅੱਜ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਸ ਨੂੰ ਅਦਾਲਤ ਤੋਂ ਨਾਰਾਇਣ ਸਿੰਘ ਚੌੜਾ ਦਾ 3 ਦਿਨ ਦਾ ਰਿਮਾਂਡ ਮਿਲਿਆ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ 'ਤੇ ਹਮਲਾ ਕੀਤਾ ਗਿਆ ਸੀ। ਹਾਲਾਂਕਿ ਇਸ ਹਮਲੇ 'ਚ ਉਹ ਬਾਲ-ਬਾਲ ਬਚ ਗਏ। ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਮੁਲਜ਼ਮ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ। ਮੁਲਜ਼ਮ ਨਰਾਇਣ ਸਿੰਘ ਦਾ ਅਪਰਾਧਿਕ ਪਿਛੋਕੜ ਦੱਸਿਆ ਜਾਂਦਾ ਹੈ।
ਕੌਣ ਹੈ ਨਰਾਇਣ ਸਿੰਘ ਚੌੜਾ?
ਨਰਾਇਣ ਸਿੰਘ ਚੌੜਾ 1984 'ਚ ਪਾਕਿਸਤਾਨ ਗਿਆ ਸੀ, ਉਹ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਵਿੱਚ ਸ਼ਾਮਲ ਰਿਹਾ ਹੈ। ਪਾਕਿਸਤਾਨ ਵਿੱਚ ਆਪਣੀ ਰਿਹਾਇਸ਼ ਦੌਰਾਨ, ਨਰਾਇਣ ਚੌੜਾ ਨੇ ਕਥਿਤ ਤੌਰ 'ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹ ਸਾਹਿਤ 'ਤੇ ਇੱਕ ਕਿਤਾਬ ਵੀ ਲਿਖੀ ਹੈ। ਉਸ ਵਿਰੁੱਧ 8 ਮਈ 2010 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ ਵਿਸਫੋਟਕ ਐਕਟ ਤਹਿਤ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ।
ਅਗਸਤ 2018 ਵਿੱਚ, ਉਹ ਪੰਜ ਸਾਲ ਦੀ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਖ਼ਿਲਾਫ਼ ਵਿਸਫੋਟਕ ਐਕਟ ਤਹਿਤ ਕਈ ਕੇਸ ਦਰਜ ਹਨ। ਉਸ ਖ਼ਿਲਾਫ਼ ਦਰਜਨ ਦੇ ਕਰੀਬ ਕੇਸ ਦਰਜ ਹਨ। ਨਰਾਇਣ ਸਿੰਘ ਚੰਡੀਗੜ੍ਹ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ।
ਅੱਤਵਾਦੀਆਂ ਦੀ ਮਦਦ ਕਰਨ ਦਾ ਹੈ ਦੋਸ਼
ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚੋਂ ਚਾਰ ਖਾਲਿਸਤਾਨੀ ਅੱਤਵਾਦੀ ਸਾਲ 2004 'ਚ ਫਰਾਰ ਹੋ ਗਏ ਸਨ। ਨਰਾਇਣ ਸਿੰਘ 'ਤੇ ਇਨ੍ਹਾਂ ਅੱਤਵਾਦੀਆਂ ਦੀ ਮਦਦ ਕਰਨ ਦਾ ਦੋਸ਼ ਹੈ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ । ਨਰਾਇਣ ਸਿੰਘ ਚੌੜਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ, ਰਹਿਣ ਵਾਲਾ ਹੈ। ਬੱਬਰ ਖਾਲਸਾ ਨਾਲ ਵੀ ਸਬੰਧ ਹੈ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਸ੍ਰੀ ਦਰਬਾਰ ਸਾਹਿਬ ਦੇ ਦੁਆਰ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਮਾਨ ਨੇ ਹਮਲੇ ਦੀ ਕੀਤੀ ਸੀ ਨਿੰਦਾ
ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ CM ਮਾਨ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਸੀ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉਤੇ ਟਵੀਟ ਕਰਦੇ ਹੋਏ ਲਿਖਿਆ ਸੀ ਕਿ ਪੰਜਾਬ ਪੁਲਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਸ ਨੇ ਆਪਣੀ ਮੁਸਤੈਦੀ ਨਾਲ ਮੌਕੇ 'ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ 'ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰ ਕੇ ਰਿਪੋਰਟ ਸੌਂਪੀ ਜਾਵੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੀ ਕਰ ਚੁੱਕੇ ਹਮਲੇ ਦੀ ਨਿੰਦਾ
ਸੁਖਬੀਰ ਉਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਨਿੰਦਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਬਾਦਲ ਉਤੇ ਹਮਲਾ ਨਹੀਂ ਹੈ, ਇਹ ਹਮਲਾ ਸ੍ਰੀ ਅਕਾਲ ਤਖਤ ਸਾਹਿਬ ਜੀ ਵਲੋਂ ਲੱਗੀ ਹੋਈ ਧਾਰਮਕ ਸਜ਼ਾ ਦੌਰਾਨ ਘੰਟਾ ਘਰ ਦੇ ਬਾਹਰ ਡਿਊਟੀ ਕਰ ਰਹੇ ਉਸ ਸੇਵਾਦਾਰ ਉਤੇ ਹਮਲਾ ਹੈ, ਜੋ ਸੇਵਾਦਾਰ ਦਾ ਨੀਲਾ ਚੋਲ੍ਹਾ ਪਾ ਕੇ ਹੱਥ ਵਿਚ ਬਰਛਾ ਫੜ੍ਹ ਕੇ ਸੇਵਾ ਕਰ ਰਿਹਾ ਸੀ। ਅਸੀਂ ਇਸ ਦੀ ਘੋਰ ਨਿੰਦਾ ਕਰਦੇ ਹਾਂ, ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ।
2 ਦਸੰਬਰ ਨੂੰ ਸੁਣਾਈ ਗਈ ਸੀ ਧਾਰਮਕ ਸਜ਼ਾ
ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਸਾਥੀਆਂ ਸਮੇਤ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਨੇ ਗੁਨਾਹਾਂ ਲਈ ਧਾਰਮਕ ਸਜ਼ਾ ਸੁਣਾਈ ਸੀ। ਲੱਗੀ ਹੋਈ ਤਨਖਾਹ ਨੂੰ ਲੈ ਕੇ ਜਦੋਂ ਅੱਜ ਸੁਖਬੀਰ ਬਾਦਲ ਦਰਸ਼ਨੀ ਡਿਓਡੀ ਦੇ ਬਾਹਰ ਸੇਵਾ ਕਰ ਰਹੇ ਸੀ ਤਾਂ ਉਨ੍ਹਾਂ ਉਤੇ ਜਾਨਲੇਵਾ ਹਮਲਾ ਹੋਇਆ। ਮੌਕੇ ਉਤੇ ਸੇਵਾਦਾਰਾਂ ਤੇ ਸਕਿਉਰਿਟੀ ਵੱਲੋ ਵਿਚ ਆ ਕੇ ਬਚਾਅ ਕੀਤਾ ਗਿਆ।