ਸਾਂਸਦ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੂੰ ਪੁਲਸ ਨੇ ਘਰ 'ਚ ਨਜ਼ਰਬੰਦ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਨੇ ਖੁਦ ਵੀਡੀਓ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਨੇ ਪੂਰੇ ਪਿੰਡ ਨੂੰ ਘੇਰ ਲਿਆ ਹੈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਕੌਮੀ ਇਨਸਾਫ ਮੋਰਚੇ ਨੂੰ 2 ਸਾਲ ਹੋਏ ਪੂਰੇ
ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਸ ਮੌਕੇ 'ਤੇ ਸਾਥੀਆਂ ਸਮੇਤ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਲਈ ਜਾਣਾ ਸੀ। ਇਸ ਤੋਂ ਪਹਿਲਾਂ ਪੁਲਸ ਵੱਲੋਂ ਸਵੇਰ ਤੋਂ ਹੀ ਪਿੰਡ ਵਿਚ ਨਾਕੇਬੰਦੀ ਕੀਤੀ ਗਈ ਸੀ। MP ਅੰਮ੍ਰਿਤਪਾਲ ਸਿੰਘ ਦੇ ਘਰ ਦੇ ਨੇੜੇ ਵੀ ਸਵੇਰ ਤੋਂ ਹੀ ਪੁਲਸ ਫ਼ੋਰਸ ਤਾਇਨਾਤ ਸੀ।
ਸਰਕਾਰ ਵਿਰੋਧ ਕਰਨ ਦਾ ਹੱਕ ਖੋਹ ਰਹੀ
ਤਰਸੇਮ ਸਿੰਘ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਵਿਰੋਧ ਕਰਨ ਦਾ ਹੱਕ ਹੈ ਪਰ ਪੰਜਾਬ ਸਰਕਾਰ ਉਹ ਵੀ ਲੋਕਾਂ ਤੋਂ ਖੋਹ ਰਹੀ ਹੈ। ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਅਤੇ ਸਾਰਿਆਂ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ ਤਾਂ ਜੋ ਜਦੋਂ ਵੀ ਲੋਕ ਕਿਸੇ ਮੁੱਦੇ 'ਤੇ ਇਕੱਠੇ ਹੁੰਦੇ ਹਨ ਤਾਂ ਉਨ੍ਹਾਂ ਨੂੰ ਰੋਕਿਆ ਨਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ।