ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਹੈਲੀਕਾਪਟਰ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹੈਲੀਕਾਪਟਰ ਇੱਕ ਨਿੱਜੀ ਕੰਪਨੀ ਦਾ ਸੀ। ਇਸ ਹਾਦਸੇ 'ਚ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਕ ਹੋਰ ਵਿਅਕਤੀ ਦੇ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਹੈਲੀਕਾਪਟਰ ਨੇ ਆਕਸਫੋਰਡ ਗੋਲਫ ਕੋਰਸ ਦੇ ਨੇੜੇ ਉਡਾਣ ਭਰੀ ਸੀ, ਪਰ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ।
ਇਸ ਹਾਦਸੇ 'ਚ 2 ਪਾਇਲਟ ਤੇ ਇਕ ਇੰਜੀਨੀਅਰ ਸਮੇਤ 3 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਸਵੇਰੇ ਕਰੀਬ 7.30 ਵਜੇ ਵਾਪਰਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 24 ਅਗਸਤ ਨੂੰ ਪੁਣੇ 'ਚ ਇਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ।