ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਹੋਣ ਕਾਰਨ ਪੰਜਾਬ ਅਤੇ ਕੇਂਦਰ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰ ਨੂੰ ਚਿੱਠੀ ਲਿਖ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਦੇ ਨਾਲ ਹੀ ਇਸ ਸੇਵਾ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰਨਾ ਗਲਤ ਹੈ। ਹਾਲਾਂਕਿ ਇਸ ਮਾਮਲੇ 'ਤੇ ਕੇਂਦਰ ਸਰਕਾਰ ਕੋਲ ਇਤਰਾਜ਼ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਗੱਲ ਦਾ ਨੋਟਿਸ ਲਿਆ ਹੈ।
ਦਰਅਸਲ, ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਬਲਬੇੜਾ ਥਾਣਿਆਂ ਅਧੀਨ ਆਉਂਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਪ੍ਰਭਾਵਤ ਹੋਈਆਂ। ਸੰਗਰੂਰ ਜ਼ਿਲ੍ਹੇ ਦੇ ਖਨੌਰੀ, ਮੂਨਕ, ਲਹਿਰਾ, ਸੁਨਾਮ ਅਤੇ ਛਾਜਲੀ ਥਾਣਿਆਂ ਵਿੱਚ ਵੀ ਇੰਟਰਨੈੱਟ ਬੰਦ ਰਿਹਾ।
ਗ੍ਰਹਿ ਮੰਤਰਾਲੇ ਨੇ ਹੁਕਮ ਜਾਰੀ ਕੀਤਾ
ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਗ੍ਰਹਿ ਮੰਤਰਾਲੇ ਵੱਲੋਂ 12 ਜਨਵਰੀ ਨੂੰ ਇੱਕ ਚਿੱਠੀ ਜਾਰੀ ਕੀਤੀ ਸੀ, ਜਿਸ ਵਿੱਚ ਤਿੰਨ ਜ਼ਿਲ੍ਹਿਆਂ ਦੇ ਵਿਸ਼ੇਸ਼ ਥਾਣਿਆਂ ਅਧੀਨ ਆਉਂਦੇ ਕੁਝ ਇਲਾਕਿਆਂ ਵਿੱਚ 12 ਫਰਵਰੀ ਤੋਂ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਗਏ ਸਨ।