ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੱਲੋਂ IVF ਰਾਹੀਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੂੰ ਪੁੱਛਿਆ ਗਿਆ ਹੈ ਕਿ ਉਨ੍ਹਾਂ ਨੇ ਇਹ ਮਾਮਲਾ ਸੀਐਮ ਮਾਨ ਤੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਧਿਆਨ ਵਿੱਚ ਕਿਉਂ ਨਹੀਂ ਲਿਆਂਦਾ। ਇਸ ਸਬੰਧੀ ਉਨ੍ਹਾਂ ਤੋਂ 2 ਹਫ਼ਤਿਆਂ ਅੰਦਰ ਜਵਾਬ ਮੰਗਿਆ ਗਿਆ ਹੈ।
ਜਾਣੋ ਕੀ ਹੈ ਪੂਰਾ ਵਿਵਾਦ
ਦਰਅਸਲ, ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 17 ਮਾਰਚ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ IVF ਤਕਨੀਕ ਦੀ ਮਦਦ ਨਾਲ ਬੱਚੇ ਨੂੰ ਜਨਮ ਦਿੱਤਾ ਸੀ। ਬੱਚੇ ਦੇ ਜਨਮ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤਰ ਦਾ ਨਾਂ ਸ਼ੁਭਦੀਪ ਰੱਖਣਗੇ। ਇਹ ਮੂਸੇਵਾਲਾ ਦਾ ਅਸਲੀ ਨਾਮ ਸੀ।
ਕੇਂਦਰ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਕਾਨੂੰਨ ਅਨੁਸਾਰ IVF ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਅਤੇ ਮਰਦਾਂ ਦੀ ਉਮਰ 21 ਤੋਂ 55 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਬਲਕੌਰ ਸਿੰਘ ਨੇ ਜਾਰੀ ਕੀਤੀ ਵੀਡੀਓ
ਇਸ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਸਰਕਾਰ ’ਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬੱਚੇ ਦੇ ਕਾਨੂੰਨੀ ਦਸਤਾਵੇਜ਼ਾਂ ਲਈ ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਫੌਜੀ ਹੋਣ ਦੇ ਨਾਤੇ ਉਹ ਕਾਨੂੰਨ ਦਾ ਸਤਿਕਾਰ ਕਰਦੇ ਹਨ।
ਸਿਹਤ ਮੰਤਰੀ ਨੇ ਕਿਹਾ- ਪਰਿਵਾਰ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ
ਬਲਕੌਰ ਸਿੰਘ ਦੇ ਇਲਜ਼ਾਮਾਂ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ- ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਸਾਡੇ ਵੱਲੋਂ ਤੰਗ ਨਹੀਂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ਅਸੀਂ ਵਾਅਦਾ ਕਰਦੇ ਹਾਂ ਕਿ ਮੂਸੇਵਾਲਾ ਪਰਿਵਾਰ ਨੂੰ ਸਾਡੇ ਵੱਲੋਂ ਤੰਗ ਨਹੀਂ ਕੀਤਾ ਜਾਵੇਗਾ।