ਪੰਜਾਬ 'ਚ ਸੀਤ ਲਹਿਰ ਜਾਰੀ ਹੈ।ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਫਿਰ ਤੋਂ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੰਘਣੀ ਧੁੰਦ ਕਾਰਨ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਅਲਰਟ ਅਨੁਸਾਰ ਲੁਧਿਆਣਾ, ਪਟਿਆਲਾ, ਜਲੰਧਰ, ਰੋਪੜ, ਹੁਸ਼ਿਆਰਪੁਰ, ਪਠਾਨਕੋਟ, ਮੋਗਾ, ਬਠਿੰਡਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੇਗੀ।
ਬਠਿੰਡਾ ਰਿਹਾ ਸਭ ਤੋਂ ਠੰਡਾ
ਵਿਭਾਗ ਅਨੁਸਾਰ ਬਠਿੰਡਾ ਸਭ ਤੋਂ ਠੰਡਾ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਮੋਗਾ ਵਿੱਚ 6.1 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 6.2 ਡਿਗਰੀ ਸੈਲਸੀਅਸ, ਜਲੰਧਰ ਅਤੇ ਪਟਿਆਲਾ ਵਿੱਚ 7.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 6.6 ਡਿਗਰੀ ਸੈਲਸੀਅਸ, ਰੋਪੜ ਵਿੱਚ 7.1 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 7.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਘੱਟ ਜਾਵੇਗਾ।
ਵਿਭਾਗ ਅਨੁਸਾਰ 27 ਦਸੰਬਰ ਤੋਂ ਧੁੰਦ ਘੱਟ ਜਾਵੇਗੀ ਪਰ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਕਾਰਨ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮੀਂਹ ਤੇ ਬਰਫਬਾਰੀ ਦੀ ਸੰਭਾਵਨਾ
ਇਸ ਦੇ ਨਾਲ ਹੀ ਦਿੱਲੀ 'ਚ ਸੀਤ ਲਹਿਰ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਉੱਤਰੀ ਭਾਰਤੀ ਰਾਜਾਂ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਹੈ।