ਪੰਜਾਬ 'ਚ ਕੜਾਕੇ ਦੀ ਠੰਡ ਪੈ ਰਹੀ ਹੈ। ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ। ਸੀਤ ਲਹਿਰ ਦੇ ਨਾਲ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ-ਮੰਗਲਵਾਰ ਸਵੇਰੇ ਕੜਾਕੇ ਦੀ ਠੰਡ ਦਰਮਿਆਨ ਸੰਘਣੀ ਧੁੰਦ ਛਾਈ ਰਹੀ। ਕਈ ਜ਼ਿਲ੍ਹਿਆਂ ਵਿੱਚ ਸਵੇਰੇ 8 ਵਜੇ ਤੱਕ ਵਿਜ਼ੀਬਿਲਟੀ 10 ਤੋਂ 20 ਮੀਟਰ ਦੇ ਵਿਚਕਾਰ ਰਹੀ।
ਕਈ ਥਾਵਾਂ 'ਤੇ ਵਿਜ਼ੀਬਿਲਟੀ ਰਹੀ ਜ਼ੀਰੋ
ਦਿੱਲੀ, ਹਰਿਆਣਾ, ਪੰਜਾਬ, ਬਿਹਾਰ, ਮੱਧ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਬਹੁਤ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਧੁੰਦ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਹੈ। ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸਵੇਰੇ 5.30 ਵਜੇ ਜ਼ੀਰੋ ਵਿਜ਼ੀਬਿਲਟੀ ਦਰਜ ਕੀਤੀ ਗਈ। ਇਸ ਦੇ ਨਾਲ ਹੀ ਹਰਿਆਣਾ ਦੇ ਅੰਬਾਲਾ ਵਿੱਚ ਜ਼ੀਰੋ ਵਿਜ਼ੀਬਿਲਟੀ ਅਤੇ ਚੰਡੀਗੜ੍ਹ ਵਿੱਚ 500 ਮੀਟਰ ਤੱਕ ਵਿਜ਼ੀਬਿਲਟੀ ਰਹੀ।
ਹੋਰ ਵਧੇਗੀ ਠੰਡ
ਮੌਸਮ ਵਿਭਾਗ ਅਨੁਸਾਰ 27 ਦਸੰਬਰ ਤੱਕ ਪੰਜਾਬ ਵਿੱਚ ਸਵੇਰ ਅਤੇ ਦੇਰ ਰਾਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 28 ਅਤੇ 29 ਦਸੰਬਰ ਨੂੰ ਮੌਸਮ ਸਾਫ਼ ਰਹੇਗਾ, ਜਦਕਿ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਧੁੰਦ ਨੂੰ ਲੈ ਕੇ ਆਰੇਂਜ ਅਲਰਟ
ਇਸ ਦੇ ਨਾਲ ਹੀ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਧੁੰਦ ਦਾ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਵਿਭਾਗ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਜ਼ਿਆਦਾ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਅਲਰਟ
ਮੌਸਮ ਵਿਭਾਗ ਅਨੁਸਾਰ 26 ਅਤੇ 27 ਦਸੰਬਰ ਨੂੰ ਸਵੇਰ ਤੋਂ ਉੜੀਸਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ। 26-28 ਨੂੰ ਉੱਤਰਾਖੰਡ, 27 ਅਤੇ 28 ਨੂੰ ਜੰਮੂ ਅਤੇ ਕਸ਼ਮੀਰ ਅਤੇ 29 ਅਤੇ 30 ਨੂੰ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।