ਖ਼ਬਰਿਸਤਾਨ ਨੈੱਟਵਰਕ- ਪਟਿਆਲਾ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ ਹਿਰਾਸਤ ਵਿਚ ਲਿਆ ਸੀ। ਹੁਣ ਖ਼ਬਰ ਆ ਰਹੀ ਹੈ ਕਿ ਉਹ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਫਰਾਰ ਹੋ ਗਿਆ ਹੈ।
ਇੱਕ ਪੁਲਿਸ ਮੁਲਾਜ਼ਮ ਨੂੰ ਕਾਰ ਨੇ ਕੁਚਲ ਦਿੱਤਾ
ਪੁਲਿਸ ਅਨੁਸਾਰ, ਗ੍ਰਿਫ਼ਤਾਰੀ ਤੋਂ ਬਾਅਦ ਸਥਾਨਕ ਪੁਲਿਸ ਸਟੇਸ਼ਨ ਲਿਜਾਂਦੇ ਸਮੇਂ, ਪਠਾਨਮਾਜਰਾ ਅਤੇ ਉਸਦੇ ਸਾਥੀਆਂ ਨੇ ਪੁਲਿਸ 'ਤੇ ਫਾਇਰਿੰਗ ਕੀਤੀ। ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਵਿਧਾਇਕ ਨੇ ਆਪਣੀ ਕਾਰ ਨਾਲ ਇੱਕ ਪੁਲਿਸ ਮੁਲਾਜ਼ਮ ਨੂੰ ਕੁਚਲ ਦਿੱਤਾ ਅਤੇ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਅਤੇ ਉਸਦੇ ਸਾਥੀ ਸਕਾਰਪੀਓ ਅਤੇ ਫਾਰਚੂਨਰ ਕਾਰ ਵਿੱਚ ਪੁਲਿਸ ਹਿਰਾਸਤ ਵਿੱਚੋਂ ਭੱਜ ਗਏ। ਹਾਲਾਂਕਿ, ਇਸ ਤੋਂ ਪਹਿਲਾਂ ਵਿਦਾਇਕ ਆਪਣੇ ਸੋਸ਼ਲ ਮੀਡੀਆ ਉਤੇ ਲਾਈਵ ਹੋਏ ਅਤੇ ਆਪਣੇ ਉਤੇ ਲੱਗੇ ਦੋਸ਼ਾਂ ਬਾਰੇ ਗੱਲਾਂ ਕੀਤੀਆਂ।
ਮੇਰੇ ਉਤੇ ਸਰਕਾਰ ਵਿਰੁੱਧ ਬੋਲਣ ਲਈ ਕਾਰਵਾਈ ਕੀਤੀ ਗਈ
ਉਨ੍ਹਾਂ ਕਿਹਾ ਕਿ ਸਰਕਾਰ ਵਿਰੁੱਧ ਬੋਲਣ ਲਈ ਮੇਰੇ ਵਿਰੁੱਧ ਕਾਰਵਾਈ ਕੀਤੀ ਗਈ ਹੈ। ਹਾਲ ਹੀ ਵਿੱਚ ਵਿਧਾਇਕ ਪਠਾ ਮਾਜਰਾ ਨੇ ਬਿਆਨ ਦਿੱਤਾ ਸੀ ਕਿ ਹੜ੍ਹਾਂ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ ਸਨ। ਜਿਸ ਤੋਂ ਬਾਅਦ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਬਗਾਵਤ ਤੋਂ ਬਾਅਦ ਸਰਕਾਰ ਨੇ ਗੰਨਮੈਨ ਵੀ ਵਾਪਸ ਲੈ ਲਏ ਸਨ।
ਵਿਧਾਇਕ ਪਠਾਨਮਾਜਰਾ ਵਿਰੁੱਧ ਰੇਪ ਦੀ ਐਫਆਈਆਰ
ਤੁਹਾਨੂੰ ਦੱਸ ਦੇਈਏ ਕਿ ਹਰਮੀਤ ਸਿੰਘ ਪਠਾਨਮਾਜਰਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਨੌਰ ਸੀਟ ਤੋਂ ਵੱਡੇ ਫਰਕ ਨਾਲ ਜਿੱਤੀਆਂ ਸਨ। ਉਨ੍ਹਾਂ ਵਿਰੁੱਧ ਰੇਪ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਰੇਪ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ। 2022 ਵਿੱਚ, ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਉਨ੍ਹਾਂ 'ਤੇ ਆਪਣੇ ਪਹਿਲੇ ਵਿਆਹ ਨੂੰ ਛੁਪਾਉਣ ਦੇ ਨਾਲ-ਨਾਲ ਹਮਲੇ ਦਾ ਦੋਸ਼ ਲਗਾਇਆ ਸੀ। ਇਸ ਤੋਂ ਇਲਾਵਾ, ਇੱਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਸੁਰਖੀਆਂ ਵਿੱਚ ਵੀ ਰਹੇ ਸਨ। ਉਨ੍ਹਾਂ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਗੰਭੀਰ ਦੋਸ਼ ਲਗਾਏ, ਕਿਹਾ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਸਾਬਕਾ ਪਤਨੀ ਨਾਲ ਸਬੰਧਤ ਇੱਕ ਪੁਰਾਣੇ ਆਈਪੀਸੀ 376 ਮਾਮਲੇ ਵਿੱਚ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਵਿਧਾਇਕ ਪਠਾਨਮਾਜਰਾ ਨੇ ਦਾਅਵਾ ਕੀਤਾ ਕਿ ਇਹ ਸਭ ਕੁਝ ਰਾਜਨੀਤਿਕ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ।