ਪੰਜਾਬ ਵਿਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣ ਜਾ ਰਹੀਆਂ ਹਨ। ਵਧਦੀ ਗਰਮੀ ਤੇ ਤੇਜ਼ ਲੂ ਵਗਣ ਕਾਰਣ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ 1 ਜੂਨ ਨੂੰ ਵੋਟਾਂ ਪਾਉਣ ਦੇ ਸਮੇਂ ਵਿਚ 2 ਘੰਟੇ ਵਧਾਉਣ ਦੀ ਮੰਗ ਕੀਤੀ ਹੈ।
ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
ਸੁਨੀਲ ਜਾਖੜ ਨੇ ਇਸ ਸੰਬੰਧੀ ਚੋਣ ਕਮਿਸ਼ਨ ਨੂੰ ਇਕ ਚਿੱਠੀ ਲਿਖੀ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਪੰਜਾਬ ਵਿਚ ਹੀਟ ਵੇਵ (ਲੂ) ਕਾਰਨ ਵੋਟਾਂ ਪਾਉਣ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਦਾ ਕੀਤਾ ਜਾਵੇ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਹੈ।
ਪੰਜਾਬ 'ਚ ਪੈ ਰਹੀ ਅੱਤ ਦੀ ਗਰਮੀ
ਪੰਜਾਬ ਵਿੱਚ ਇਨ੍ਹਾਂ ਦਿਨਾਂ ਦੌਰਾਨ ਅੱਤ ਦੀ ਗਰਮੀ ਪੈ ਰਹੀ ਹੈ, ਜਿਸ ਨਾਲ ਲੋਕ ਹਾਲੋਂ -ਬੇਹਾਲ ਹੋਏ ਪਏ ਹਨ। ਹਾਲ ਹੀ ਵਿੱਚ ਮੌਸਮ ਵਿਭਾਗ ਨੇ ਵੀ ਹੀਟ ਵੇਵ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।ਗਰਮੀ ਨੂੰ ਦੇਖਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਕੋਲੋਂ ਵੋਟਿੰਗ ਦੇ ਸਮੇਂ ਵਿਚ ਵਾਧਾ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਇਸ ਗਰਮੀ ਵਿੱਚ ਵੀ ਵੋਟਰ ਸ਼ਾਮ ਨੂੰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
ਨੌਤਪਾ 25 ਮਈ ਤੋਂ ਹੋਵੇਗਾ ਸ਼ੁਰੂ
ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਨੌਤਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ ਅਤੇ ਇਸ ਦਾ ਪ੍ਰਭਾਵ 2 ਜੂਨ ਤੱਕ ਰਹੇਗਾ। ਇਹ 9 ਦਿਨ ਸਭ ਤੋਂ ਵੱਧ ਗਰਮ ਰਹਿਣਗੇ। ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸਭ ਤੋਂ ਨੇੜੇ ਹੋਵੇਗਾ ਅਤੇ ਗਰਮੀ ਨੂੰ ਹੋਰ ਵਧਾ ਦੇਵੇਗਾ।
ਦੱਸ ਦੇਈਏ ਕਿ ਪੰਜਾਬ ਵਿਚ 13 ਲੋਕ ਸਭਾ ਸੀਟਾਂ ਉਤੇ 1 ਜੂਨ ਨੂੰ ਵੋਟਾਂ ਪੈਣਗੀਆਂ, ਜਿਨ੍ਹਾਂ ਦੇ ਨਤੀਜੇ 4 ਜੂਨ ਨੂੰ ਆਉਣਗੇ।