ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਤੋਂ ਬਾਅਦ ਹੁਣ ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ 'ਚ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ, ਬਰਨਾਲਾ ਸੀਟ ਤੋਂ ਕੁਲਦੀਪ ਸਿੰਘ ਢਿੱਲੋਂ ਤੇ ਗਿੱਦੜਬਾਹਾ ਸੀਟ ਤੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ 3 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ ਇਕ ਸੀਟ ਪੈਂਡਿੰਗ ਰੱਖੀ ਗਈ ਹੈ। ਹੁਣ ਕਾਂਗਰਸ ਨੇ ਵੀ ਹੇਠਲੀਆਂ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ , ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ। ਹਾਲਾਂਕਿ ਪਾਰਟੀ ਨੇ ਅਜੇ ਤੱਕ ਚੱਬੇਵਾਲ ਤੋਂ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ।
'ਆਪ' ਨੇ ਉਮੀਦਵਾਰਾਂ ਦੇ ਨਾਮ ਕਰ ਚੁੱਕੀ ਹੈ ਘੋਸ਼ਿਤ
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 4 ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਰੰਧਾਵਾ ਦੇ ਨਾਵਾਂ ਦਾ ਐਲਾਨ ਕੀਤਾ ਹੈ।
13 ਨੂੰ ਪੈਣਗੀਆਂ ਵੋਟਾਂ , 23 ਨੂੰ ਆਉਣਗੇ ਨਤੀਜੇ
ਚੋਣ ਕਮਿਸ਼ਨ ਨੇ ਵੀ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀਆਂ 4 ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਜਿਸ ਤੋਂ ਬਾਅਦ 23 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ|
ਲੋਕ ਸਭਾ ਚੋਣਾਂ ਕਾਰਨ ਇਹ ਸੀਟਾਂ ਖਾਲੀ ਹੋਈਆਂ
2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋਈਆਂ ਸਨ। ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸੀਟ ਖਾਲੀ ਹੋ ਚੁੱਕੀ ਹੈ।
ਜਦਕਿ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਹੈ। ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਸੀਟ ਤੋਂ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਲੋਕ ਸਭਾ ਚੋਣਾਂ ਜਿੱਤ ਗਏ ਹਨ। ਇਨ੍ਹਾਂ ਚਾਰਾਂ ਸੀਟਾਂ 'ਤੇ ਚੋਣਾਂ ਹੋਣੀਆਂ ਹਨ।