ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕਰਦੇ ਹੋਏ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਦੱਸ ਦੇਈਏ ਕਿ ਇਹ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ ਫੈਸਲਾ ਲਿਆ ਗਿਆ ਹੈ।
10 ਮਹੀਨਿਆਂ ਤੋਂ ਵੱਧ ਸਮੇਂ ਤੋਂ ਬੈਠੇ ਧਰਨੇ ਉਤੇ
ਦੱਸ ਦੇਈਏ ਕਿ ਸ਼ੰਭੂ ਬਾਰਡਰ ਉਤੇ ਬੀਤੇ ਦਿਨ ਇਕ ਕਿਸਾਨ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੇ ਕੋਈ ਜ਼ਹਿਰੀਲ ਚੀਜ਼ ਨਿਗਲ ਲਈ ਸੀ, ਉਸ ਕਿਸਾਨ ਦੀ ਹੁਣ ਮੌਤ ਹੋ ਗਈ ਹੈ। ਦੱਸ ਦੇਈਏ ਕਿ ਕਿਸਾਨੀ ਮੰਗਾਂ ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ MSP ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ 10 ਮਹੀਨਿਆਂ ਤੋਂ ਵਧ ਸਮੇਂ ਤੋਂ ਧਰਨਾ ਲਾ ਕੇ ਬੈਠੇ ਹੋਏ ਹਨ। ਕਰੀਬ 3 ਦਿਨ ਇਲਾਜ ਤੋਂ ਬਾਅਦ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਕਿਸਾਨ ਦੀ ਮੌਤ ਹੋ ਗਈ।
ਕਿਸਾਨਾਂ ਨੂੰ ਤਿੰਨ ਵਾਰ ਦਿੱਲੀ ਜਾਣ ਤੋਂ ਰੋਕਿਆ
ਕਿਸਾਨਾਂ ਵੱਲੋਂ 6, 8 ਅਤੇ 14 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਸਮੇਂ ਦੌਰਾਨ ਸਿਰਫ 101 ਕਿਸਾਨਾਂ ਦਾ ਜਥਾ ਦਿੱਲੀ ਜਾਣ ਲਈ ਸ਼ਾਂਤਮਈ ਤਰੀਕੇ ਨਾਲ ਪੈਦਲ ਰਵਾਨਾ ਹੋਇਆ ਸੀ ਪਰ ਪੁਲਸ ਨੇ ਕਿਸਾਨਾਂ ਨੂੰ ਹਰਿਆਣਾ ਬਾਰਡਰ 'ਤੇ ਰੋਕ ਲਿਆ। ਇਸ ਦੌਰਾਨ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਇਸ ਕਾਰਨ ਕਿਸਾਨ ਅੱਗੇ ਨਹੀਂ ਵਧ ਸਕੇ ਅਤੇ ਇਸ ਦੌਰਾਨ ਕਈ ਕਿਸਾਨ ਜ਼ਖਮੀ ਵੀ ਹੋਏ।
ਕਿਸਾਨਾਂ ਕੀਤਾ ਰੇਲਾਂ ਦਾ ਚੱਕਾ ਜਾਮ
ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਅਤੇ ਦਿੱਲੀ ਨਾ ਜਾਣ ਦੇਣ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਪੰਜਾਬ ਭਰ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ, ਜਿਸ 'ਚ ਜਲੰਧਰ ਵਿੱਚ ਕੁੱਲ ਚਾਰ ਥਾਵਾਂ ’ਤੇ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਗਈਆਂ। ਕਿਸਾਨ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ, ਜਿਸ ਦੇ ਸਮਰਥਨ 'ਚ ਅੱਜ ਪੂਰੇ ਸੂਬੇ 'ਚ ਰੇਲ ਰੋਕੋ ਅੰਦੋਲਨ ਤਹਿਤ 3 ਘੰਟੇ ਲਈ ਰੇਲਾਂ ਰੋਕੀਆਂ ਗਈਆਂ। ਦੁਪਹਿਰ 12 ਵਜੇ ਤੋਂ 48 ਥਾਵਾਂ 'ਤੇ ਕਿਸਾਨ ਪਟੜੀਆਂ 'ਤੇ ਬੈਠੇ ਤੇ ਇਹ ਧਰਨਾ 3 ਵਜੇ ਤੱਕ ਜਾਰੀ ਰਿਹਾ। ਕਈ ਥਾਵਾਂ 'ਤੇ ਕਿਸਾਨਾਂ ਦੇ ਨਾਲ-ਨਾਲ ਔਰਤਾਂ ਵੀ ਝੰਡੇ ਲੈ ਕੇ ਟਰੈਕ 'ਤੇ ਖੜ੍ਹੀਆਂ ਸਨ।
ਇਸ ਦੌਰਾਨ 100 ਤੋਂ ਵੱਧ ਟਰੇਨਾਂ ਪ੍ਰਭਾਵਤ ਹੋਈਆਂ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ।
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 23 ਵਾਂ ਦਿਨ
ਦੱਸ਼ ਦੇਈਏ ਕਿ ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 23 ਵਾਂ ਦਿਨ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ, ਇਸ ਦੇ ਬਾਵਜੂਦ ਕਿਸਾਨ ਆਗੂ ਨੇ ਡਾਕਟਰੀ ਸਹਾਇਤਾ ਲੈਣ ਤੋਂ ਮਨ੍ਹਾ ਕੀਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਦੇ ਕਾਨੂੰਨ ਸਮੇਤ 13 ਮੰਗਾਂ ਪੂਰੀਆਂ ਕਰਨ ਨੂੰ ਲੈ ਕੇ ਖਨੌਰੀ ਸਰਹੱਦ 'ਤੇ 23 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ।