ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮਾਂ ਨੂੰ 10 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇ।
ਸਥਾਨਕ ਰੈਸਟ ਹਾਊਸ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੀ ਸੰਗਤ ਅਤੇ ਸਜਾਵਟ ਗੁਰੂ ਪਰਵ ਦੇ ਮੌਕੇ ਵਾਲੇ ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰ ਗੁਰੂ ਘਰਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ ਜੰਗੀ ਪੱਧਰ 'ਤੇ ਮੁਕੰਮਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੇ ਪ੍ਰਾਜੈੱਕਟ ਤਹਿਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਨਿਰਧਾਰਿਤ ਸਮੇਂ ਅੰਦਰ ਮੁਕਮੰਲ ਕਰਕੇ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬੰਧਿਤ ਵਿਭਾਗਾਂ, ਲੋਕ ਨਿਰਮਾਣ, ਸੀਵਰੇਜ ਬੋਰਡ, ਜਲ ਸਪਲਾਈ, ਨਗਰ ਕੌਂਸਲ ਦਰਮਿਆਨ ਬਿਹਤਰੀਨ ਤਾਲਮੇਲ ਰਾਹੀਂ ਕੰਮਾਂ ਨੂੰ ਜਲਦ ਮੁਕੰਮਲ ਕਰਨ ਅਤੇ ਗੁਣਵੱਤਾਂ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਮੁੱਖ ਸੜਕਾਂ ਉੱਪਰ ਇੰਟਰਲਾਕ ਟਾਇਲਾਂ ਲਗਾਏ ਜਾਣ ਦੇ ਕੰਮ ਦਾ ਵੀ ਜਾਇਜ਼ਾ ਲਿਆ ਗਿਆ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਐਸ.ਡੀ.ਐਮ ਅਪਰਨਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।