ਪੰਜਾਬ 'ਚ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਬਾਅਦ ਦੁਪਹਿਰ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਸੱਦੀ ਹੈ। ਇਹ ਪ੍ਰੈਸ ਕਾਨਫਰੰਸ ਸਵੇਰੇ 11.30 ਵਜੇ ਪੰਜਾਬ ਭਵਨ ਚੰਡੀਗੜ੍ਹ 'ਚ ਹੋਵੇਗੀ।
ਦੱਸ ਦੇਈਏ ਕਿ 3 ਦਸੰਬਰ ਨੂੰ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਾਣਕਾਰੀ ਸਾਂਝੀ ਕੀਤੀ ਸੀ ਕਿ 8 ਦਸੰਬਰ ਨੂੰ ਨਗਰ ਨਿਗਮ ਚੋਣਾਂ ਸਬੰਧੀ ਐਲਾਨ ਕੀਤਾ ਜਾਵੇਗਾ। ਪੰਜ ਨਗਰ ਨਿਗਮਾਂ, 44 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ 43 ਵਾਰਡਾਂ ਦੇ ਨਾਲ-ਨਾਲ ਹੋਰ ਨਗਰ ਨਿਗਮਾਂ ਦੇ ਛੇ ਵਾਰਡਾਂ ਲਈ ਚੋਣਾਂ ਹੋਣਗੀਆਂ।
ਸੁਪਰੀਮ ਕੋਰਟ ਤੱਕ ਪਹੁੰਚਿਆ ਸੀ ਮਾਮਲਾ
ਪੰਜਾਬ 'ਚ 5 ਨਗਰ ਨਿਗਮਾਂ ਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਲੰਬੀ ਲੜਾਈ ਹੋਈ। ਇਹ ਲੜਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਚਲੀ। ਇਸ ਮਾਮਲੇ ਵਿੱਚ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁੱਲ 10 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ 'ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ 8 ਹਫਤਿਆਂ 'ਚ ਚੋਣ ਪ੍ਰਕਿਰਿਆ ਪੂਰੀ ਕਰਨ ਦਾ ਹੁਕਮ ਦਿੱਤਾ ਸੀ।
10 ਦਿਨਾਂ 'ਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਸੀ ਹੁਕਮ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 6 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਦਿੱਤੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਉਸ ਹੁਕਮ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ 10 ਦਿਨਾਂ ਵਿੱਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
ਇਹ ਵੀ ਕਿਹਾ ਗਿਆ ਕਿ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਨ੍ਹਾਂ ਨੂੰ 50,000 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਉਸ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ। ਇਸ ਦੇ ਨਾਲ ਹੀ 21 ਨਵੰਬਰ ਨੂੰ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਹਾਈ ਕੋਰਟ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ ਸੀ।