ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਪੰਜਾਬ ਸਟੇਟ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ 2024' ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਐਕਟ ਨੂੰ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇੱਥੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਦਾ ਮੁੱਖ ਮੰਤਵ ਸੂਬੇ 'ਚ ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵਰਤੀਆਂ ਜਾਂਦੀਆਂ ਚੰਗੀਆਂ ਪ੍ਰਥਾਵਾਂ ਨੂੰ ਅਪਨਾਉਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਯਕੀਨੀ ਬਣਾਉਣਾ ਹੈ।
ਉਨ੍ਹਾਂ ਨੇ ਕਿਹਾ ਕਿ ਖਿਡਾਰੀਆਂ ਦੀ ਨਿਰਪੱਖ ਚੋਣ ਰਾਜ ਪੱਧਰ 'ਤੇ ਆਪਣੇ ਜ਼ਿਲ੍ਹੇ ਜਾਂ ਆਪਣੇ ਸੂਬੇ ਦੀ ਰਾਸ਼ਟਰੀ ਪੱਧਰ 'ਤੇ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦੀ ਨੁਮਾਇੰਦਗੀ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖੇਡ ਐਸੋਸੀਏਸ਼ਨਾਂ ਨੂੰ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਵਿੱਚ ਵੀ ਮਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਹਰੇਕ ਜ਼ਿਲ੍ਹੇ 'ਚ ਇੱਕ ਵਿਸ਼ੇਸ਼ ਖੇਡ ਲਈ ਜ਼ਿਲ੍ਹਾ ਐਸੋਸੀਏਸ਼ਨ ਰਜਿਸਟਰਡ ਹੋਵੇਗੀ। ਇਸ ਐਕਟ ਦੇ ਅਨੁਸਾਰ, ਖਾਤੇ ਲਾਜ਼ਮੀ ਤੌਰ 'ਤੇ ਇੱਕ ਚਾਰਟਰਡ ਅਕਾਊਂਟੈਂਟ ਦੁਆਰਾ ਰੱਖੇ ਜਾਣਗੇ ਅਤੇ ਸਾਰੇ ਖਰਚਿਆਂ ਅਤੇ ਆਮਦਨੀ ਦੇ ਸਰੋਤਾਂ ਦਾ ਸਾਲਾਨਾ ਬਿਆਨ 31 ਮਈ ਤੋਂ ਪਹਿਲਾਂ ਪ੍ਰਕਾਸ਼ਤ ਕੀਤਾ ਜਾਵੇਗਾ।
ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ
CM ਮਾਨ ਨੇ ਕਿਹਾ ਕਿ ਦਸਤਾਵੇਜ਼ ਅਤੇ ਖਾਤੇ ਇਲੈਕਟ੍ਰਾਨਿਕ ਫਾਰਮੈਟ 'ਚ ਡਾਇਰੈਕਟਰ ਸਪੋਰਟਸ, ਪੰਜਾਬ ਸਰਕਾਰ ਨੂੰ ਉਪਲਬਧ ਕਰਵਾਏ ਜਾਣਗੇ। ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਜਨਰਲ ਸਕੱਤਰ, ਦੋ ਸੀਨੀਅਰ ਕੋਚ ਅਤੇ ਦੋ ਉੱਘੇ ਖਿਡਾਰੀ ਸ਼ਾਮਲ ਹੋਣਗੇ ਅਤੇ ਇਹ ਕਮੇਟੀ ਜ਼ਿਲ੍ਹੇ ਜਾਂ ਸੂਬੇ ਦੀ ਨੁਮਾਇੰਦਗੀ ਕਰਨ ਲਈ ਟੀਮ, ਖਿਡਾਰੀਆਂ ਦੀ ਚੋਣ ਕਰੇਗੀ। ਡਿਪਟੀ ਕਮਿਸ਼ਨਰ ਅਤੇ ਪ੍ਰਸ਼ਾਸਨਿਕ ਸਕੱਤਰ ਦੀ ਅਗਵਾਈ ਹੇਠ ਬਣੀ ਵਿਵਾਦ ਨਿਪਟਾਰਾ ਕਮੇਟੀ ਸੱਤ ਦਿਨਾਂ ਦੇ ਅੰਦਰ ਖਿਡਾਰੀਆਂ ਦੀ ਅਪੀਲ ਦਾ ਨਿਪਟਾਰਾ ਕਰੇਗੀ।
ਕੈਂਪ ਤੇ ਮੁਕਾਬਲਿਆਂ ਦੇ ਆਯੋਜਨ ਲਈ ਸਾਲਾਨਾ ਕੈਲੰਡਰ ਕੀਤਾ ਜਾਵੇਗਾ ਤਿਆਰ
ਉਨ੍ਹਾਂ ਨੇ ਕਿਹਾ ਕਿ ਐਕਟ ਅਨੁਸਾਰ ਸਾਰੀਆਂ ਐਸੋਸੀਏਸ਼ਨਾਂ ਖੇਡ ਗਤੀਵਿਧੀਆਂ ਜਿਵੇਂ ਕਿ ਕੈਂਪ, ਲੀਗ ਅਤੇ ਮੁਕਾਬਲਿਆਂ ਦੇ ਆਯੋਜਨ ਲਈ ਸਾਲਾਨਾ ਕੈਲੰਡਰ ਤਿਆਰ ਕਰਨਗੇ ਅਤੇ ਇਸ ਨੂੰ ਹਰ ਸਾਲ 31 ਮਾਰਚ ਤੱਕ ਆਪਣੀ ਵੈੱਬਸਾਈਟ 'ਤੇ ਅਪਲੋਡ ਕਰਨਗੇ । ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ 30 ਦਿਨਾਂ 'ਚ ਕੈਲੰਡਰ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਨੀਤੀ ਨਾਲ ਸੂਬੇ 'ਚ ਖੇਡਾਂ ਅਤੇ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਤਾਂ ਜੋ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਤੋਰਿਆ ਜਾ ਸਕੇ।