ਪੰਜਾਬ ਸਰਕਾਰ ਨੇ 16 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਸ਼ੋਭਾ ਯਾਤਰਾ ਦੇ ਸਬੰਧ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਸ਼ੋਭਾ ਯਾਤਰਾ ਵਿੱਚ ਲੋਕ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋ ਸਕਣ ਇਸਦੇ ਲਈ ਉਚਿਤ ਪ੍ਰਬੰਧ ਕੀਤੇ ਜਾਵੇਗੀ|
ਸੁਰੱਖਿਆ ਅਤੇ ਹੋਰ ਸਹੂਲਤਾਂ ਲਈ ਕੀਤੇ ਢੁੱਕਵੇਂ ਪ੍ਰਬੰਧ
ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਧਾਰਮਿਕ ਜਜ਼ਬੇ ਅਤੇ ਉਤਸ਼ਾਹ ਨਾਲ ਯਾਤਰਾ ਵਿੱਚ ਸ਼ਾਮਲ ਹੋਣ। ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਦੇ ਬਦਲਵੇਂ ਰੂਟ, ਪਾਰਕਿੰਗ, ਸੁਰੱਖਿਆ ਅਤੇ ਹੋਰ ਸਹੂਲਤਾਂ ਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਨਾਲ ਹੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ ਪੂਰੀ ਧਾਰਮਿਕ ਰੀਤੀ-ਰਿਵਾਜਾਂ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਯੋਗ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਸਾਰੇ ਧਾਰਮਿਕ ਜਥੇਬੰਦੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ
ਉਨ੍ਹਾਂ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀਂ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਹਰ ਸਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਜਥੇਬੰਦੀਆਂ ਦੇ ਸੁਝਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ, ਪ੍ਰਧਾਨ ਰਾਜੇਸ਼ ਭੱਟੀ, ਸੁਭਾਸ਼ ਸੌਂਧੀ, ਬਿਸ਼ਨ ਦਾਸ ਸਹੋਤਾ ਅਤੇ ਐੱਸ. ਕੇ. ਹੰਸ ਨੇ ਕੈਬਨਿਟ ਮੰਤਰੀ ਦਾ ਮੀਟਿੰਗ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਸਿਟੀ ਵਾਲਮੀਕਿ ਸਭਾ, ਭਾਰਤੀ ਵਾਲਮੀਕਿ ਧਰਮ ਸਮਾਜ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੀਟਿੰਗ 'ਚ ਸ਼ਾਮਲ ਸਨ।