ਪੰਜਾਬ ਦੇ ਸਭ ਤੋਂ ਮਹਿੰਗੇ ਦਿੱਲੀ-ਜੰਮੂ ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨੂੰ ਫ਼੍ਰੀ ਕਰਵਾਉਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਟੋਲ ਮੁਲਾਜ਼ਮਾਂ ਨੇ ਅੱਜ ਤੋਂ ਟੋਲ ਪਲਾਜ਼ਾ ਨੂੰ ਫ਼੍ਰੀ ਕਰਨ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਟਾਲ ਦਿੱਤਾ ਗਿਆ ਹੈ। ਕੰਪਨੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 4 ਦਿਨ ਦਾ ਸਮਾਂ ਮੰਗਿਆ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਜੇਕਰ 4 ਦਿਨਾਂ ਅੰਦਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਮੁੜ ਸੰਘਰਸ਼ ਸ਼ੁਰੂ ਕਰਕੇ ਟੋਲ ਫ਼੍ਰੀ ਕਰ ਦੇਣਗੇ।
ਜਾਣਕਾਰੀ ਅਨੁਸਾਰ ਹਾਲ ਹੀ 'ਚ ਵਰਕਰ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਇੱਕ ਮੀਟਿੰਗ ਲਾਡੋਵਾਲ ਟੋਲ ਪਲਾਜ਼ਾ ਵਿਖੇ ਸਹਿਕਾਰ ਗਲੋਬਲ ਮੈਨੇਜਮੈਂਟ ਦੇ ਅਧਿਕਾਰੀਆਂ ਨਾਲ ਹੋਈ। ਇਹ ਮੀਟਿੰਗ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੋਆਬਾ ਦੇ ਪ੍ਰਧਾਨ ਭਾਈ ਨਛੱਤਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਨੂੰ ਕਈ ਸਾਲਾਂ ਤੋਂ ਆ ਰਹੀਆਂ ਮੁਸ਼ਕਲਾਂ ਬਾਰੇ ਕੰਪਨੀ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਕਈ ਮੰਗਾਂ 'ਤੇ ਬਣੀ ਸਹਿਮਤੀ
ਇਸ ਦੇ ਨਾਲ ਹੀ ਮੀਟਿੰਗ ਦੌਰਾਨ ਟੋਲ ਪਲਾਜ਼ਾ ਮੁਲਾਜ਼ਮਾਂ ਨੇ 17 ਸਤੰਬਰ ਨੂੰ 4 ਦਿਨਾਂ ਲਈ ਟੋਲ ਫ਼੍ਰੀ ਕਰਨ ਦਾ ਫੈਸਲਾ ਵਾਪਸ ਲੈ ਲਿਆ। ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਪ੍ਰਧਾਨ ਨਛੱਤਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਕੰਪਨੀ ਪ੍ਰਤੀ ਉਨ੍ਹਾਂ ਦੀਆਂ ਕਈ ਮੰਗਾਂ ’ਤੇ ਸਹਿਮਤੀ ਲਈ ਗੱਲ ਚੱਲ ਰਹੀ ਹੈ। ਪਰ ਕੰਪਨੀ ਵੱਲੋਂ ਕੁਝ ਮੰਗਾਂ ਅਜੇ ਵੀ ਨਹੀਂ ਮੰਨੀਆਂ ਜਾ ਰਹੀਆਂ ਹਨ। ਜਿਸ ਕਾਰਨ ਕੰਪਨੀ ਨੇ ਉਨ੍ਹਾਂ ਤੋਂ 4 ਦਿਨ ਦਾ ਸਮਾਂ ਮੰਗਿਆ ਹੈ।
ਮੰਗਾਂ ਨਾ ਮੰਨੀਆਂ ਤਾਂ 4 ਦਿਨਾਂ ਬਾਅਦ ਮੁੜ ਕਰਾਂਗੇ ਸੰਘਰਸ਼
ਉਨ੍ਹਾਂ ਕੰਪਨੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੰਪਨੀ ਨੇ ਉਨ੍ਹਾਂ ਦੇ ਹੱਕ ਨਾ ਦਿੱਤੇ ਤਾਂ ਉਹ 4 ਦਿਨਾਂ ਬਾਅਦ ਮੁੜ ਸੰਘਰਸ਼ ਸ਼ੁਰੂ ਕਰਨਗੇ। ਇਸ ਮੌਕੇ ਪੰਕਜ ਕੁਮਾਰ, ਮਨਮੀਤ ਸਿੰਘ, ਰੋਹਿਤ ਕੁਮਾਰ, ਮਨੀ ਕੁਮਾਰ, ਸਿਮਰਨਪ੍ਰੀਤ ਕੌਰ, ਸੰਗੀਤਾ ਭਾਰਦਵਾਜ, ਕੁਲਜੀਤ ਸਿੰਘ ਆਦਿ ਹਾਜ਼ਰ ਸਨ।
ਕਿਸਾਨਾਂ ਨੇ ਵੀ ਕੀਤਾ ਸੀ ਟੋਲ ਫ਼੍ਰੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਲਗਾਤਾਰ ਟੋਲ ਪਲਾਜ਼ਾ ਨੂੰ ਫ੍ਰੀ ਰੱਖਿਆ ਸੀ, ਉਹ ਟੋਲ ਪਲਾਜ਼ਾ ਦੇ ਰੇਟ ਨੂੰ ਲੈ ਕੇ ਵਿਰੋਧ ਕਰ ਰਹੇ ਸਨ। ਜਿਸ ਤੋਂ ਬਾਅਦ ਕੁਝ ਗੱਲਾਂ 'ਤੇ ਸਹਿਮਤੀ ਹੋਣ ਤੋਂ ਬਾਅਦ ਕਿਸਾਨਾਂ ਨੇ 18 ਅਗਸਤ ਨੂੰ ਟੋਲ ਪਲਾਜ਼ਾ 'ਤੇ ਧਰਨਾ ਦੇਣ ਦਾ ਫੈਸਲਾ ਵਾਪਸ ਲੈ ਲਿਆ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਟੋਲ ਪਲਾਜ਼ਾ ਪ੍ਰਬੰਧਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਕੀਤੀ ਗਈ ਤਾਂ ਉਹ ਪੱਕੇ ਤੌਰ ’ਤੇ ਟੋਲ ’ਤੇ ਬੈਠਣ ਲਈ ਮਜਬੂਰ ਹੋਣਗੇ।