ਪੰਜਾਬ 'ਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਤੇ ਇਸ ਸਮੇਂ ਧੁੰਦ ਦੀ ਲਪੇਟ ਵਿੱਚ ਹੈ। ਸਵੇਰੇ ਕਈ ਸ਼ਹਿਰਾਂ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਵਿਜ਼ੀਬਿਲਟੀ ਵੀ ਜ਼ੀਰੋ ਹੋ ਗਈ, ਜਿਸ ਕਾਰਣ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੱਸ ਦੇਈਏ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਫਰਵਰੀ ਦੇ ਮਹੀਨੇ ਵਿੱਚ ਅਜਿਹੀ ਧੁੰਦ ਅਤੇ ਠੰਡ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਜਿਹਾ ਮੌਸਮ 5 ਫਰਵਰੀ ਤੱਕ ਜਾਰੀ ਰਹੇਗਾ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਠੰਡ ਵਧੀ
ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਵਿੱਚ ਚੱਲ ਰਹੀ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਠੰਡ ਵਧ ਗਈ ਹੈ।
ਮੀਂਹ ਨੂੰ ਲੈ ਕੇ ਅਲਰਟ ਜਾਰੀ
ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 8 ਫਰਵਰੀ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸਦਾ ਪ੍ਰਭਾਵ ਪਹਾੜਾਂ ਵਿੱਚ ਵੀ ਦਿਖਾਈ ਦੇਵੇਗਾ।