ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਪੰਜਾਬੀ ਗਾਇਕ ਕਿਸਾਨਾਂ ਦੇ ਹੱਕ ਵਿੱਚ ਆਏ ਹਨ।
ਗੁਰੂ ਰੰਧਾਵਾ ਨੇ ਐਕਸ ਉਤੇ ਲਿਖੀਆਂ ਇਹ ਗੱਲਾਂ
ਗਾਇਕ ਗੁਰੂ ਰੰਧਾਵਾ ਨੇ ਕਿਸਾਨਾਂ ਦੇ ਸਮਰਥਨ 'ਚ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਕਿਸਾਨ ਅੰਨ੍ਹ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਕਿਸਾਨਾਂ ਨਾਲ ਬੈਠ ਕੇ ਵਿਚਾਰ ਕਰਨ।
ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ ਅੰਦੋਲਨ ਹੋ ਰਹੇ ਹਨ। ਉਨ੍ਹਾਂ ਦੇ ਸਮਰਥਨ 'ਚ ਕਈ ਮਸ਼ਹੂਰ ਹਸਤੀਆਂ ਸਾਹਮਣੇ ਆ ਚੁੱਕੀਆਂ ਹਨ। ਹੁਣ ਪੰਜਾਬੀ ਗਾਇਕ ਗੁਰੂ ਰੰਧਾਵਾ ਵੀ ਕਿਸਾਨਾਂ ਦੇ ਸਮਰਥਨ 'ਚ ਆ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਸਰਕਾਰ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ ਤਾਂ ਜੋ ਇਸ ਅੰਦੋਲਨ ਨੂੰ ਖਤਮ ਕੀਤਾ ਜਾ ਸਕੇ।
ਬੱਬੂ ਮਾਨ ਵੀ ਪੁੱਜੇ ਸਨ ਖਨੌਰੀ ਬਾਰਡਰ
ਕਿਸਾਨਾਂ ਦੇ ਸਮਰਥਨ ਲਈ ਕਈ ਵੱਡੇ ਦਿੱਗਜ ਇਸ ਅੰਦੋਲਨ ਦਾ ਹਿੱਸਾ ਬਣਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਵੀ ਬੀਤੀ ਦੇਰ ਰਾਤ ਖਨੌਰੀ ਬਾਰਡਰ 'ਤੇ ਕਿਸਾਨਾਂ ਵਿਚਕਾਰ ਪੁੱਜੇ ਸਨ।
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਕਿਸਾਨਾਂ ਦੇ ਸਮਰਥਨ 'ਚ ਹਮੇਸ਼ਾ ਹੀ ਖੜ੍ਹਦੇ ਆਏ ਹਨ। ਗਾਇਕ ਬੀਤੀ ਦੇਰ ਰਾਤ ਖਨੌਰੀ ਬਾਰਡਰ ਪਹੁੰਚੇ ਸਨ, ਉਨ੍ਹਾਂ ਦੇ ਨਾਲ ਅਮਿਤੋਜ ਮਾਨ ਤੇ ਲੱਖਾ ਸਧਾਣਾ ਵੀ ਸਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਦਾ ਹੌਂਸਲਾ ਵਧਾਇਆ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਜਦੋਂ ਕਿ ਬੱਬੂ ਮਾਨ ਕਾਫੀ ਸਮਾਂ ਖਨੌਰੀ ਬਾਰਡਰ 'ਤੇ ਰਹੇ।
ਕਾਂਗਰਸੀ ਆਗੂ ਅਤੇ ਮਸ਼ਹੂਰ ਪਹਿਲਵਾਨ ਬਜਰੰਗ ਪੂਨੀਆ ਵੀ ਕਿਸਾਨਾਂ ਦੇ ਸਮਰਥਨ ਵਿੱਚ ਸ਼ੰਭੂ ਬਾਰਡਰ ਪੁੱਜੇ ਸਨ।
ਬਾਬੂ ਮਾਨ ਨੇ ਪਿਛਲੇ ਲੰਮੇ ਸਮੇਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ ਅਤੇ ਕਿਸਾਨਾਂ ਦਾ ਸਾਥ ਦਿੱਤਾ। ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।